ਮੁੱਖ ਮੰਤਰੀ ਵੱਲੋਂ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲ ਕੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਸਰੰਡਰ ਕਰਨਾ ਨਿੰਦਣਯੋਗ : ਪਰਮਬੰਸ ਸਿੰਘ ਰੋਮਾਣਾ
ਚੰਡੀਗੜ੍ਹ, 15 ਜੁਲਾਈ (ਦ ਪੰਜਾਬ ਵਾਇਰ)। ਯੂਥ ਅਕਾਲੀ ਦਲ ਦੇ ਵਰਕਰਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਤੇ ਕੰਵਰ ਗਰੇਵਾਲ ਦੇ ਗੀਤਾਂ ਐਸ ਵਾਈ ਐਲ ਅਤੇ ਰਿਹਾਈ ’ਤੇ ਪਾਬੰਦੀ ਲਾਉਣ ਦੇ ਖਿਲਾਫ ਪੰਜਾਬ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਟਰੈਕਟਰ ਮਾਰਚ ਕੰਢੇ ਅਤੇ ਡਿਪਟੀ ਕਮਿਸ਼ਨਰਾਂ ਨੁੰ ਮੰਗ ਪੱਤਰ ਸੌਂਪ ਕੇ ਇਹ ਪਾਬੰਦੀ ਖਤਮ ਕਰਨ ਦੀ ਮੰਗ ਕੀਤੀ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਲਾਊਡ ਸਪੀਕਰਾਂ ’ਤੇ ਦੋਵੇਂ ਗੀਤ ਵਜਾ ਕੇ ਗਾਇਕਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਤੇ ਟਰੈਕਟਰ ਮਾਰਚ ਕੱਢਿਆ ਤੇ ਮੰਗ ਕੀਤੀ ਕਿ ਦੋਵੇਂ ਗਾਣਿਆਂ ’ਤੇ ਪਾਬੰਦੀ ਖਤਮ ਕੀਤੀ ਜਾਵੇ। ਉਹਨਾਂ ਕਿਹਾ ਕਿ ਕੁਝ ਥਾਵਾਂ ’ਤੇ ਭਾਰੀ ਮੀਂਹ ਕਾਰਨ ਕੁਝ ਥਾਵਾਂ ’ਤੇ ਸਿਰਫ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਹੀ ਸੌਂਪੇ ਗਏ ਹਨ।
ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹਨਾਂ ਦੋਵਾਂ ਗੀਤਾਂ ਵਿਚ ਬੰਦੀ ਸਿੰਘਾਂ ਦੇ ਐਸ ਵਾਈ ਐਲ ਨਹਿਰ ਨੁੰ ਲੈ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਦੋਵੇਂ ਗੀਤਾਂ ਵਿਚ ਕੁਝ ਵੀ ਇਤਰਾਜ਼ਯੋਗ ਨਹੀਂ ਹੈ। ਉਹਨਾਂ ਕਿਹਾ ਕਿ ਰਿਹਾਈ ਗੀਤ ਉਮਰ ਕੈਦ ਪੁਗਾ ਚੁੱਕੇ ਬੰਦੀ ਸਿੰਘਾਂ ਬਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਾ ਹੈ। ਇਸ ਵਿਚ ਬੰਦੀ ਸਿੰਘਾਂ ਲਈ ਨਿਆਂ ਦੀ ਗੱਲ ਕੀਤੀ ਗਈ ਹੈ। ਇਹ ਗੀਤ ਦੇਸ਼ ਰਿਵੋਧੀ ਨਹੀਂ ਹੈ।
ਉਹਨਾਂ ਕਿਹਾ ਕਿ ਇਸੇ ਤਰੀਕੇ ਐਸ ਵਾਈ ਐਲ ਗੀਤ ਵਿਚ ਇਹ ਗੱਲ ਕੀਤੀ ਗਈ ਹੈ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੁੰ ਦੇਣ ਵਾਸਤੇ ਇਕ ਬੂੰਦ ਪਾਣੀ ਵੀ ਫਾਲਤੂ ਨਹੀਂ ਹੈ ਤੇ ਪੰਜਾਬੀ ਬੀਤੇ ਸਮੇਂ ਵਿਚ ਉਹਨਾਂ ਤੋਂ ਪਾਣੀ ਖੋਹਣ ਦੇ ਤਰੀਕੇ ਤੋਂ ਔਖੇ ਹਨ।
ਸਰਦਾਰ ਰੋਮਾਣਾ ਨੇ ਕਿਹਾ ਕਿ ਭਾਵੇਂ ਅੱਜ ਯੂਥ ਅਕਾਲੀ ਦਲ ਦੇ ਕਾਰਕੁੰਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕੀਤਾ ਹੈ ਪਰ ਉਹਨਾਂ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਹਰਿਆਣਾ ਅੱਗੇ ਸਰੰਡਰ ਕਰਨ ਖਿਲਾਫ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪ੍ਰਮੁੱਖ ਮੁੱਦਿਆਂ ’ਤੇ ਆਵਾਜ਼ ਚੁੱਕਣ ਖਿਲਾਫ ਵੀ ਰੋਸ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਅਸਫਲਤਾਵਾਂ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦਾ ਸਥਾਈ ਮੈਂਬਰ ਹਟਾਉਣਾ ਤੇ ਪੰਜਾਬ ਯੂਨੀਵਰਸਿਟੀ ਨੁੰ ਕੇਂਦਰ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਤਜਵੀਜ਼ ਖਿਲਾਫ ਆਵਾਜ਼ ਬੁਲੰਦ ਕਰਨਾ ਵੀ ਸ਼ਾਮਲ ਹੈ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਮਿਲ ਕੇ ਪੰਜਾਬ ਦੇ ਹਿੱਤ ਵੇਚਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਵਿਚ ਦਰਬਾਰਾ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ’ਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਬਾਅ ਪਾਇਆ ਸੀ ਕਿ ਉਹ ਐਸ ਵਾਈ ਐਲ ਨਹਿਰ ਬਣਾ ਕੇ ਹਰਿਆਣਾ ਨੂੰ ਪਾਣੀ ਦੇਵੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਹੁਣ ਇਹੋ ਕੁਝ ਫਿਰ ਹੋ ਰਿਹਾ ਹੈ ਤੇ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਬਣ ਗਈ ਹੈ।
ਸਰਦਾਰ ਰੋਮਾਣਾ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਤਾਂ ਉਹ ਜ਼ਮੀਨ ਵੀ ਕਾਸ਼ਤਕਾਰਾਂ ਨੁੰ ਵਾਪਸ ਕਰ ਦਿੱਤੀ ਸੀ ਜਿਸ ’ਤੇ ਐਸ ਵਾਈ ਐਲ ਨਹਿਰ ਉਸਾਰੀ ਗਈ ਸੀ। ਉਹਨਾਂ ਕਿਹਾ ਕਿ ਅਸੀਂ ਪੰਜਾਬ ਨਾਲ ਕਿਸੇ ਵੀ ਤਰੀਕੇ ਵਿਤਕਰਾ ਨਹੀਂ ਹੋਣ ਦਿਆਂਗੇ। ਉਹਨਾਂ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੀ ਇਹ ਮਾਮਲਾ ਸੰਸਦ ਦੇ ਆਉਂਦੇ ਸੈਸ਼ਨ ਵਿਚ ਸੰਸਦ ਵਿਚ ਬੁਲੰਦ ਕਰਨਗੇ ਅਤੇ ਨਾਲ ਹੀ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਚੰਡੀਗੜ੍ਹ ਪੰਜਾਬ ਨੁੰ ਦੇਣ ਤੇ ਹੋਰ ਮਸਲੇ ਹੱਲ ਲਈ ਬੇਨਤੀ ਕਰਨਗੇ।