ਗੁਰਦਾਸਪੁਰ ,18 ਜੁਲਾਈ ( ਮੰਨਣ ਸੈਣੀ )। ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੈ ਕੁਮਾਰ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਸਿਵਲ ਸਰਜਨ ਨੇ ਚੈਕਿੰਗ ਦੌਰਾਨ ਹਸਪਤਾਲ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ, ਮਰੀਜ਼ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਬਰੀਕੀ ਚੈੱਕ ਕੀਤਾ। ਸਿਵਲ ਸਰਜਨ ਨੇ ਸਾਰੇ ਵਾਰਡਾਂ ਵਿਚ ਚੈਕਿੰਗ ਕੀਤੀ ਅਤੇ ਉੱਥੇ ਦਾਖ਼ਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਓ ਪੀ ਡੀ ਅਤੇ ਫਾਰਮੇਸੀ ਵਿੱਚ ਮਿਲਣ ਵਾਲੀਆਂ ਦਵਾਈਆਂ ਦੀ ਵੀ ਚੈਕਿੰਗ ਕੀਤੀ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਮਰੀਜ਼ਾਂ ਨੂੰ ਵੱਧ ਤੋਂ ਵੱਧ ਹਸਪਤਾਲ ਵਿੱਚੋਂ ਮਿਲਣ ਵਾਲੀਆਂ ਦਵਾਈਆਂ ਹੀ ਦਿੱਤੀਆਂ ਜਾਣ। ਉਨ੍ਹਾਂ ਸਾਰੇ ਸਟਾਫ ਨੂੰ ਸਮੇਂ ਸਿਰ ਡਿਊਟੀ ਤੇ ਆਉਣ ਦੀ ਵੀ ਹਦਾਇਤ ਕੀਤੀ। ਸਿਵਲ ਸਰਜਨ ਨੇ ਓਟ ਸੈਂਟਰ ਦਾ ਵੀ ਨਿਰੀਖਣ ਕੀਤਾ ਅਤੇ ਦਵਾਈ ਲੈਣ ਵਾਲੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।
ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਡਾਇਰੀਆ ਅਤੇ ਫੰਗਲ ਇਨਫੈਕਸ਼ਨ ਦੇ ਕੇਸ ਵੱਧ ਨਿਕਲਦੇ ਹਨ। ਇਸ ਲਈ ਲੋਕਾਂ ਨੂੰ ਇਸ ਤੋਂ ਬਚਾਅ ਲਈ ਸਾਵਧਾਨ ਰਹਿਣਾ ਚਾਹੀਦਾ ਹੈ। ਲੋਕ ਆਪਣੀ ਸਾਫ਼ ਸਫ਼ਾਈ ਅਤੇ ਪੀਣ ਵਾਲੇ ਸਾਫ਼ ਪਾਣੀ ਦਾ ਧਿਆਨ ਰੱਖਣ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਬਾਹਰੋਂ ਆਉਣ ਵਾਲੇ ਮਰੀਜ਼ਾਂ ਨੂੰ ਹਰ ਵੇਲੇ ਪੀਣ ਦਾ ਸਾਫ ਪਾਣੀ ਮੁਹੱਈਆ ਹੋਣਾ ਚਾਹੀਦਾ ਹੈ ।