ਪੁਲਿਸ ਨੇ ਗੁਜਰਾਤ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤੀ ਗਈ ਕਾਰ ਵੀ ਜ਼ਬਤ ਕੀਤੀ: ਡੀਜੀਪੀ ਗੌਰਵ ਯਾਦਵ
– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਮਿਲੀ ਇੱਕ ਹੋਰ ਵੱਡੀ ਸਫ਼ਲਤਾ
ਚੰਡੀਗੜ੍ਹ/ਅੰਮ੍ਰਿਤਸਰ, 28 ਜੁਲਾਈ ( ਦ ਪੰਜਾਬ ਵਾਇਰ)। ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਵਾਉਣ ਉਪਰੰਤ ਪੰਜਾਬ ਪੁਲਿਸ ਵੱਲੋਂ ਅੱਜ ਇੱਕ ਅੰਤਰਰਾਜੀ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਨਸ਼ਾ ਤਸਕਰ ਏਟੀਐਸ ਗੁਜਰਾਤ ਨੂੰ 126 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦਾ ਸੀ।
ਫੜੇ ਗਏ ਮੁਲਜ਼ਮ ਦੀ ਪਛਾਣ ਰਾਜਬੀਰ ਸਿੰਘ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਤਰਨਤਾਰਨ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਸੀ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਛੇਹਰਟਾ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ।
ਇਹ ਸਫ਼ਲਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਦੌਰਾਨ ਸਾਹਮਣੇ ਆਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੰਟੈਲੀਜੈਂਸ ਆਧਾਰਤ ਆਪ੍ਰੇਸ਼ਨ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਰਾਜਬੀਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਪੁਲਿਸ ਟੀਮਾਂ ਨੇ ਉਸ ਦੀ ਟੋਇਟਾ ਗਲੈਨਜ਼ਾ ਕਾਰ ‘ਚੋਂ 128 ਗ੍ਰਾਮ ਹੈਰੋਇਨ ਅਤੇ 9,60,000 ਰੁਪਏ ਦੀ ਡਰੱਗ ਮਨੀ ਸਮੇਤ ਭਾਰ ਤੋਲਣ ਵਾਲੀ ਇਲੈਕਟ੍ਰਾਨਿਕ ਮਸ਼ੀਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਟੋਇਟਾ ਗਲੈਨਜ਼ਾ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਨਸ਼ਾ ਤਸਕਰ ਰਾਜਬੀਰ ਆਪਣੇ ਸਾਥੀ ਪ੍ਰਭਜੀਤ ਸਿੰਘ ਵਾਸੀ ਪੱਟੀ, ਜ਼ਿਲ੍ਹਾ ਤਰਨਤਾਰਨ ਤੋਂ ਹੈਰੋਇਨ ਲਿਆ ਰਿਹਾ ਸੀ। ਡੀਜੀਪੀ ਨੇ ਅੱਗੇ ਦੱਸਿਆ ਕਿ ਮਾਰਚ ਮਹੀਨੇ ਵਿੱਚ ਹੈਰੋਇਨ ਦੀ ਵੱਡੀ ਖੇਪ ਦੀ ਖਰੀਦ ਕਰਨ ਲਈ ਇਹ ਦੋਵੇਂ ਨਸ਼ਾ ਤਸਕਰ ਵੱਖ-ਵੱਖ ਵਾਹਨਾਂ, ਜਿਸ ਵਿੱਚ ਜ਼ਬਤ ਕੀਤੀ ਟੋਇਟਾ ਗਲੈਨਜ਼ਾ ਵੀ ਸ਼ਾਮਲ ਹੈ, ਵਿੱਚ ਦੋ ਵਾਰ ਜਾਮਨਗਰ ਗੁਜਰਾਤ ਵੀ ਗਏ ਸਨ। ਉਹਨਾਂ ਦੱਸਿਆ ਕਿ ਰਾਜਬੀਰ ਪੁਲਿਸ ਤੋਂ ਬਚਣ ਲਈ ਆਪਣੀ ਸੱਸ ਰਾਜਵੰਤ ਕੌਰ ਨੂੰ ਵੀ ਨਾਲ ਜਾਮਨਗਰ ਲੈ ਗਿਆ ਸੀ।
ਉਹਨਾਂ ਦੱਸਿਆ ਕਿ ਰਾਜਬੀਰ, ਪ੍ਰਭਜੀਤ ਅਤੇ ਰਾਜਵੰਤ ਦੀ ਭੂਮਿਕਾ ਏਟੀਐਸ ਅਹਿਮਦਾਬਾਦ ਵੱਲੋਂ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਗਏ ਅਪਰਾਧਿਕ ਕੇਸ ਵਿੱਚ ਸਾਮਹਣੇ ਆਈ, ਜਿੱਥੇ 2 ਮਾਰਚ, 2022 ਨੂੰ ਸਮੁੰਦਰੀ ਰਸਤੇ ਰਾਹੀਂ ਸਪਲਾਈ ਕੀਤੀ ਗਈ 126 ਕਿਲੋਗ੍ਰਾਮ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਲਈ ਦਵਾਰਕਾ ਗੁਜਰਾਤ ਦੇ ਰਹਿਣ ਵਾਲੇ ਅਮੀਨ ਨਾਮੀ ਮਛੇਰੇ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ, ਨਸ਼ੇ ਦੀ ਖੇਪ ਬਰਾਮਦ ਨਹੀਂ ਹੋਈ ਸੀ ਪਰ ਗੁਜਰਾਤ ਪੁਲਿਸ ਨੇ ਅੰਮ੍ਰਿਤਸਰ ਦੀ ਗੁਰੂ ਨਾਨਕ ਕਲੋਨੀ ਨਿਵਾਸੀ ਰਾਜਵੰਤ ਕੌਰ (ਰਾਜਬੀਰ ਦੀ ਸੱਸ) ਨੂੰ ਗ੍ਰਿਫਤਾਰ ਕਰ ਲਿਆ ਸੀ। ਅਮੀਨ, ਜਿਸ ਕੋਲ ਮੱਛੀ ਫੜਨ ਵਾਲੀ ਛੋਟੀ ਕਿਸ਼ਤੀ ਸੀ, ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।
ਦੱਸਣਯੋਗ ਹੈ ਕਿ ਐਫ.ਆਈ.ਆਰ ਨੰ. 21 ਮਿਤੀ 27.07.2022 ਨੂੰ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21, 25, 27-ਏ ਅਤੇ 29 ਤਹਿਤ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਰੇਲੀ ਜਾਂਚ ਕੀਤੀ ਜਾ ਰਹੀ ਹੈ।