ਆਪਣੇ ਸੂਬੇ ਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਮੁਕਤ ਕਰਨ ਵਿੱਚ ਹਰ ਨਾਗਰਿਕ ਆਪਣਾ ਮੋਹਰੀ ਯੋਗਦਾਨ ਪਾਵੇ – ਵਿਧਾਇਕ ਅਮਰਪਾਲ ਸਿੰਘ
ਪਲਾਸਟਿਕ ਦੀ ਵਰਤੋਂ ਨੂੰ ਜ਼ਿਲ੍ਹੇ ਵਿੱਚ ਸਖਤੀ ਨਾਲ ਰੋਕਿਆ ਜਾਵੇਗਾ – ਡਿਪਟੀ ਕਮਿਸ਼ਨਰ
ਸ਼ਿਵ ਆਡੀਟੋਰੀਅਮ ਵਿਖੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਕਰਵਾਇਆ ਜਾਗਰੂਕਤਾ ਸਮਾਗਮ
ਬਟਾਲਾ, 5 ਅਗਸਤ ( ਮੰਨਣ ਸੈਣੀ ) । ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਅੱਜ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਸ਼ਾਮਲ ਹੋਏ ਜਦਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਨਦੀਪ ਕੌਰ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਇਰੀ ਭੰਡਾਰੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਰਾਜੇਸ਼ ਕੁਮਾਰ, ਐੱਸ.ਡੀ.ਓ. ਵਿਨੋਦ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਸ਼ਹਿਰ ਦੇ ਮੋਹਤਬਰ ਮੌਜੂਦ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੰਗਲ ਯੂਜ਼ ਵਾਲੀ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਜੋ ਅਹਿਦ ਲਿਆ ਗਿਆ ਹੈ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਸੂਬੇ ਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਮੁਕਤ ਕਰਨ ਵਿੱਚ ਆਪਣਾ ਮੋਹਰੀ ਯੋਗਦਾਨ ਪਾਈਏ ਤਾਂ ਜੋ ਸੂਬੇ ਨੂੰ ਮੁੜ ਤੋਂ ਸਾਫ਼-ਸੁਥਰਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀ ਥਾਂ ਕਪੜੇ ਜਾਂ ਜੂਟ ਤੋਂ ਬਣੇ ਥੈਲਿਆਂ ਦੀ ਵਰਤੋਂ, ਸਟੀਲ/ ਗਲਾਸ/ਸੀਰੇਮਿਕ ਆਦਿ ਦੇ ਬਰਤਨ, ਜੈਵਿਕ ਗਲਣਯੋਗ ਸਮਾਨ ਅਤੇ ਪਿੱਤਲ, ਪੱਤੇ, ਬਾਂਸ ਅਤੇ ਲਕੜ ਦੇ ਬਰਤਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਨ੍ਹਾਂ ਦੀ ਵਰਤੋਂ ਨਾਲ ਵਾਤਾਵਰਨ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਹੀਂ ਹੁੰਦਾ।
ਇਸ ਮੌਕੇ ਸਿੰਗਲ ਯੂਜ ਪਲਾਸਟਿਕ ਬਾਰੇ ਪ੍ਰਸਤੂਤੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਕੂੜੇ ਦੇ ਢੇਰਾਂ ਉਪਰ ਨਜ਼ਰ ਮਾਰੀਏ ਤਾਂ ਓਥੇ ਸਿਰਫ ਪਾਲਸਟਿਕ ਲਿਫ਼ਾਫ਼ੇ ਜਾਂ ਹੋਰ ਪਲਾਸਟਿਕ ਦੀਆਂ ਵਸਤਾਂ ਹੀ ਹੁੰਦੀਆਂ ਹਨ ਜੋ ਕਿ ਸੈਂਕੜੇ ਸਾਲ ਗਲਦੀਆਂ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਪਲਾਸਟਿਕ ਦਾ ਕੂੜਾ ਅਨੇਕਾਂ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਹੁਣ ਵੀ ਅਸੀਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਜਾਗਰੂਕ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਘਾਤਕ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਾਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸੀ) ਮੈਡਮ ਅਮਨਦੀਪ ਕੌਰ ਨੇ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਬਜ਼ਾਰ ਸਮਾਨ ਲੈਣ ਲਈ ਜਾਇਆ ਜਾਵੇ ਤਾਂ ਆਪਣੇ ਘਰ ਤੋਂ ਕੱਪੜੇ ਜਾਂ ਜੂਟ ਦੇ ਬਣੇ ਹੋੲੈ ਥੈਲੇ ਨੂੰ ਨਾਲ ਲਿਜਾਇਆ ਜਾਵੇ ਤਾਂ ਜੋ ਅਸੀਂ ਪਲਾਸਟਿਕ ਦੇ ਲਿਫਾਫੇ ਦੀ ਵਰਤੋਂ ਨੂੰ ਰੋਕ ਸਕੀਏ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਲੋਕਾਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਤਿਆਰ ਕਰਵਾਏ ਜੂਟ ਤੋਂ ਬਣੇ ਥੈਲੇ ਅਤੇ ਲਿਟਰੇਚਰ ਵੰਡਿਆ ਗਿਆ। ਇਸ ਮੌਕੇ ਧਰਮਪੁਰਾ ਸਕੂਲ ਦੀ ਵਿਦਿਆਰਥਣ ਜਾਨਵੀ ਵਰਮਾਂ ਨੇ ਵੀ ਸਿੰਗਲ ਯੂਜ ਪਲਾਸਟਿਕ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।
ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਕੇਸ਼ ਤੁੱਲੀ, ਕੌਂਸਲਰ ਸ਼ਰਦੂਲ ਸਿੰਘ, ਯਸਪਾਲ ਚੌਹਾਨ, ਰਾਜੀਵ ਵਿੱਗ, ਡੀ.ਈ.ਓ. (ਸ.) ਹਰਪਾਲ ਸਿੰਘ ਸੰਧਾਵਾਲੀਆ, ਸਕੱਤਰ ਨਗਰ ਨਿਗਮ ਅਨਿਲ ਅਰੋੜਾ, ਸੁਪਰਡੈਂਟ ਨਿਰਮਲ ਸਿੰਘ ਤੋਂ ਇਲਾਵਾ ਹੋਰ ਵੀ ਮੋਹਤਬਰ ਵੀ ਹਾਜ਼ਰ ਸਨ।