ਸੂਬਾ ਭਰ ਵਿਚ ਵਿਆਪਕ ਪੱਧਰ ’ਤੇ ਪਸ਼ੂਆਂ ਦੇ ਟੀਕਾਕਰਨ ਦਾ ਐਲਾਨ
ਹੋਰ ਸੂਬਿਆਂ ਤੋਂ ਪਸ਼ੂਆਂ ਦੇ ਦਾਖਲੇ ਨੂੰ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਸੀਲ
ਪਸ਼ੂ ਮੇਲਿਆਂ ਉਤੇ ਪਾਬੰਦੀ ਲਾਈ
ਚੰਡੀਗੜ੍ਹ, 10 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਦੀ ਬਿਮਾਰੀ (ਚਮੜੀ ਰੋਗ) ਨਾਲ ਪੈਦਾ ਹੋਏ ਹਾਲਾਤ ਦੀ ਰੋਜ਼ਾਨਾ ਪ੍ਰਭਾਵੀ ਢੰਗ ਨਾਲ ਨਿਗਰਾਨੀ ਰੱਖਣ ਲਈ ਮੰਤਰੀਆਂ ਦੇ ਸਮੂਹ ਦਾ ਗਠਨ ਕੀਤਾ ਹੈ।
ਇਸ ਬਿਮਾਰੀ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਤੋਂ ਬਾਅਦ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਅਧਾਰਿਤ ਹੋਵੇਗੀ ਅਤੇ ਇਸ ਕਮੇਟੀ ਨੂੰ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਮਾਹਿਰ ਅਤੇ ਅਧਿਕਾਰੀ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਮੰਤਰੀਆਂ ਦਾ ਸਮੂਹ ਰੋਜ਼ਾਨਾ ਸਥਿਤੀ ਦਾ ਜਾਇਜ਼ਾ ਲੈ ਕੇ ਇਸ ਬਿਮਾਰੀ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਪੱਧਰ ’ਤੇ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫਾਰਸ਼ ਕੀਤੀ ਬਿਹਤਰ ਦਵਾਈ ਵਰਤੀ ਜਾਵੇਗੀ ਅਤੇ ਜੇਕਰ ਹੋਰ ਲੋੜ ਪਈ ਤਾਂ ਹਵਾਈ ਜਹਾਜ਼ ਰਾਹੀਂ ਹੋਰ ਦਵਾਈ ਮੰਗਵਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਫਿਲਹਾਲ ਸੂਬਾ ਸਰਕਾਰ ਇਸ ਬਿਮਾਰੀ ਨਾਲ ਨਜਿੱਠਣ ਲਈ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਸ਼ੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਰੋਕਣ ਲਈ ਹਰੇਕ ਕਦਮ ਚੁੱਕੇਗੀ। ਭਗਵੰਤ ਮਾਨ ਨੇ ਪਸ਼ੂ ਪਾਲਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਪਸ਼ੂਆਂ ਦੇ ਦਾਖਲੇ ਨੂੰ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਤਰਨਤਾਰਨ ਜ਼ਿਲ੍ਹੇ ਇਸ ਬਿਮਾਰੀ ਨਾਲ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਬਿਮਾਰੀ ਦੂਜੇ ਸੂਬਿਆਂ ਤੋਂ ਫੈਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਬਿਮਾਰੀ ਦੇ ਹੋਰ ਫੈਲਣ ਤੋਂ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰਨਾ ਲਾਜ਼ਮੀ ਹੈ।
ਮੁੱਖ ਮੰਤਰੀ ਨੇ ਪਸ਼ੂ ਮਾਲਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਕਿਸੇ ਵੀ ਬਿਮਾਰੀ ਦੇ ਲੱਛਣ ਵਾਲੇ ਪਸ਼ੂਆਂ ਨੂੰ ਵੱਖ ਕਰ ਦੇਣ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਇਸ ਬਿਮਾਰੀ ‘ਤੇ ਕਾਬੂ ਨਹੀਂ ਪਾਇਆ ਜਾਂਦਾ, ਉਦੋਂ ਤੱਕ ਸੂਬੇ ਵਿੱਚ ਕੋਈ ਵੀ ਪਸ਼ੂ ਮੇਲਾ ਕਰਵਾਉਣ ‘ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੀ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਲਈ ਕੈਲਸ਼ੀਅਮ ਦੀਆਂ ਖੁਰਾਕਾਂ ਦੇਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਦੱਸਿਆ ਕਿ ਵਿਭਾਗ ਨੂੰ ਮੱਛਰ ਮਾਰਨ ਲਈ ਸਪਰੇਅ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਕਿਉਂ ਜੋ ਮੱਛਰ ਵੀ ਬਿਮਾਰੀ ਦੇ ਫੈਲਾਅ ਦਾ ਕਾਰਨ ਬਣ ਸਕਦੇ ਹਨ।
ਮੁੱਖ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਦਾ ਟੀਕਾਕਰਨ ਯਕੀਨੀ ਬਣਾਉਣ ਕਿਉਂਕਿ ਇਸ ਨਾਲ ਬਿਮਾਰੀ ਨਾਲ ਲੜਨ ਦੀ ਤਾਕਤ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਮਰੇ ਹੋਏ ਪਸ਼ੂਆਂ ਨੂੰ ਸਹੀ ਢੰਗ ਨਾਲ ਦਫ਼ਨਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਖਾਲੀ ਪਈਆਂ ਜ਼ਮੀਨਾਂ ਅਤੇ ਹੋਰ ਵਿਵਸਥਾ ਕਰਨ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਹਾਲ ਹੀ ਦੇ ਰੁਝਾਨਾਂ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਸੂਬੇ ਵਿੱਚ ਇਹ ਬਿਮਾਰੀ ਘਟ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਸਮੇਤ ਹੋਰ ਵੀ ਹਾਜ਼ਰ ਸਨ।