ਪੰਜਾਬ ‘ਚ ਜਾਇਦਾਦ ਦੀ ਰਜਿਸਟ੍ਰੇਸ਼ਨ ਸਬੰਧੀ ਵੱਡੇ ਸੁਧਾਰ ਜਲਦ

ਮਕਾਨ ਉਸਾਰੀ, ਮਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀਆਂ ਵੱਲੋਂ ਸ਼ਹਿਰੀ ਜਾਇਦਾਦ ਖਰੀਦਣ ਵਾਲਿਆਂ ਲਈ ਸੁਧਾਰ ਲਿਆਉਣ ਵਾਸਤੇ ਵਿਚਾਰ-ਵਟਾਂਦਰਾ 

ਮਾਨ ਸਰਕਾਰ ਪਾਰਦਰਸ਼ੀ ਢੰਗ ਨਾਲ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਵਿਆਪਕ ਪ੍ਰਣਾਲੀ ਲਾਗੂ ਕਰੇਗੀ

ਚੰਡੀਗੜ੍ਹ, 10 ਅਗਸਤ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਜਾਇਦਾਦ ਦੀ ਖਦੀਦ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਬਣਾਉਣ ਲਈ ਇੱਕ ਵਿਆਪਕ ਪ੍ਰਣਾਲੀ ਲੈ ਕੇ ਆ ਰਹੀ ਹੈ। ਇਹ ਵਿਚਾਰ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਹੋਰਨਾਂ ਮੰਤਰੀਆਂ ਨਾਲ ਵਿਚਾਰ ਚਰਚਾ ਕਰਨ ਉਪਰੰਤ ਪ੍ਰਗਟਾਏ।

ਉਹ ਅੱਜ ਇੱਥੇ ਪੰਜਾਬ ਭਵਨ ਵਿਖੇ ਆਪਣੇ ਦੋ ਕੈਬਨਿਟ ਸਾਥੀਆਂ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਹਿੱਸਾ ਲੈ ਰਹੇ ਸਨ।

ਇਸ ਮੀਟਿੰਗ ਦੌਰਾਨ ਇਨ੍ਹਾਂ ਕੈਬਨਿਟ ਮੰਤਰੀਆਂ ਨੇ ਸ਼ਹਿਰਾਂ ਵਿੱਚ ਜਾਇਦਾਦ ਖਰੀਦਣ ਵਾਲਿਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਲੋਕਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਮਿਲ ਸਕਣ।

ਮੰਤਰੀਆਂ ਨੇ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਸਬੰਧੀ ਸਾਰੇ ਮਸਲੇ ਜਲਦੀ ਹੀ ਹੱਲ ਕਰ ਲਏ ਜਾਣਗੇ ਕਿਉਂਕਿ ਮਾਨ ਸਰਕਾਰ ਬਗੈਰ ਕਿਸੇ ਪੱਖਪਾਤ ਤੋਂ ਮੁਸ਼ਕਿਲ ਰਹਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਮੁੱਖ ਮੰਤਰੀ ਖੁਦ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਮਿਲ ਕੇ ਸ਼ਹਿਰੀ ਖੇਤਰਾਂ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਅਤੇ ਯੋਜਨਾਬੱਧ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਚਰਚਾ ਕੀਤੀ। 

ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀਆਂ ਨੇ ਪੰਜਾਬੀਆਂ ਨੂੰ ਥੋੜ੍ਹਾ ਹੋਰ ਸਬਰ ਰੱਖਣ ਦੀ ਅਪੀਲ ਕੀਤੀ ਕਿਉਂਕਿ ਮਾਨ ਸਰਕਾਰ ਸਿਸਟਮ ਵਿੱਚ ਸੁਧਾਰ ਲਿਆਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਪਿਛਲੀਆਂ ਸਰਕਾਰਾਂ ਦੀਆਂ ਨਾਪਾਕ ਨੀਤੀਆਂ ਕਾਰਨ ਸਾਰਾ ਸਿਸਟਮ ਤਹਿਸ ਨਹਿਸ ਹੋ ਚੁੱਕਾ ਹੈ ਜਿਸ ਦੇ ਨਤੀਜੇ ਵਜੋਂ ਆਮ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਗਈ ਹੈ ਅਤੇ ਹੁਣ ਪੰਜਾਬ ਤੇ ਇਸਦੇ ਲੋਕਾਂ ਦੀ ਬਿਹਤਰੀ ਲਈ ਸੂਬੇ ਦੇ ਸਿਸਟਮ ਨੂੰ ਸਾਫ਼-ਸੁਥਰਾ ਅਤੇ ਸੁਚਾਰੂ ਬਣਾਇਆ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸਾਦ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਮਾਲ ਸ੍ਰੀ ਅਨੁਰਾਗ ਅਗਰਵਾਲ, , ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ ਅਤੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ।     

Exit mobile version