ਗੁਰਦਾਸਪੁਰ, 13 ਅਗਸਤ (ਮੰਨਣ ਸੈਣੀ)। ਮਾਨਯੋਗ ਹਾਈਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਸਾਲਾਂ ਤੋਂ ਅਕਾਲੀ ਦਲ ਨਾਲ ਧੱਕੇਸ਼ਾਹੀ ਦੇ ਅਨੇਕਾਂ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਅਕਾਲੀ ਦਲ ਹਰ ਮੁਸ਼ਕਿਲ ਵਿੱਚੋਂ ਬਾਹਰ ਆਇਆ ਹੈ । ਪੰਜਾਬ ਦੇ ਹਿਤਾਂ ਦਾ ਪਹਿਰੇਦਾਰ ਸ਼੍ਰੋਮਣੀ ਅਕਾਲੀ ਦਲ ਹੀ ਹੈ ।
ਉਨ੍ਹਾਂ ਕਿਹਾ ਕਿ ਸਰਦਾਰ ਮਜੀਠੀਆ ਨੂੰ ਬੀਤੀਆਂ ਵਿਧਾਨ ਸਭਾ ਚੋਣਾਂ ਤੋਂ ਦੂਰ ਰੱਖਣ ਲਈ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਤੇ ਝੂਠਾ ਕੇਸ ਪਾਇਆ ਗਿਆ । ਹੁਣ ਜਦੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ ਤਾਂ ਵਿਰੋਧੀਆਂ ਵਿੱਚ ਫਿਰ ਤੋਂ ਘਬਰਾਹਟ ਹੈ । ਅਕਾਲੀ ਦਲ ਨੇ ਆਪਣੇ ਕਾਰਜਕਾਲ ਵਿੱਚ ਸੂਬੇ ਵਿੱਚ ਕਿਸੇ ਵੀ ਵਿਰੋਧੀ ਪਾਰਟੀ ਦੇ ਨੇਤਾ ਜਾਂ ਵਰਕਰ ਨਾਲ ਬਦਲੇ ਦੀ ਭਾਵਨਾ ਨਾਲ ਕੋਈ ਧੱਕਾ ਨਹੀਂ ਕੀਤਾ ਪਰ ਸਰਦਾਰ ਮਜੀਠੀਆ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਜੋ ਨਵੀਂ ਪਿਰਤ ਸ਼ੁਰੂ ਕੀਤੀ ਹੈ ਉਸ ਦੇ ਨਤੀਜੇ ਇਨ੍ਹਾਂ ਪਾਰਟੀਆਂ ਲਈ ਖ਼ੁਦ ਘਾਤਕ ਸਾਬਤ ਹੋਣਗੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੜ੍ਹਦੀ ਕਲਾ ਵਿੱਚ ਹੈ ਅਤੇ ਇਸ ਦੇ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ । ਅਕਾਲੀ ਦਲ ਹਮੇਸ਼ਾ ਹੱਕ ਸੱਚ ਦੀ ਲੜਾਈ ਲੜਦਾ ਰਹੇਗਾ ।