ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

vigilance

ਚੰਡੀਗੜ੍ਹ, 13 ਅਗਸਤ (ਦ ਪੰਜਾਬ ਵਾਇਰ)। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਥਾਣਾ ਜ਼ੀਰਾ, ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਕਾਰਜ ਸਿੰਘ (ਨੰਬਰ 1021/ਫਿਰੋਜ਼ਪੁਰ) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਹੈਡ ਕਾਂਸਟੇਬਲ ਕਾਰਜ ਸਿੰਘ ਨੂੰ ਪਿੰਡ ਢੰਡੀਆਂ, ਤਹਿਸੀਲ ਜ਼ੀਰਾ ਦੇ ਕਾਰਜ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਥਾਣਾ ਜੀਰਾ ਵਿੱਚ ਉਸ ਦੇ ਭਰਾ ਖ਼ਿਲਾਫ਼ ਮਾਈਨਿੰਗ ਦਾ ਕੇਸ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਕਰ ਰਿਹਾ ਉਕਤ ਹੌਲਦਾਰ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਨਾ ਕਰਨ ਬਦਲੇ ਉਸ ਤੋਂ 30,000 ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 20,000 ਰੁਪਏ ਵਿੱਚ ਤੈਅ ਹੋਇਆ ਹੈ।

ਉਕਤ ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਹੌਲਦਾਰ ਕਾਰਜ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿਚ ਉਕਤ ਪੁਲਿਸ ਮੁਲਾਜਮ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Exit mobile version