ਪੰਜਾਬ ਸਰਕਾਰ ਲੋਕਾਂ ਨੂੰ ਉੱਚ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਧਾਲੀਵਾਲ
ਗੁਰਦਾਸਪੁਰ, 15 ਅਗਸਤ (ਮੰਨਣ ਸੈਣੀ)। 75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ਦੇ ਪਿੰਡ ਭੋਪੁਰ ਸੈਦਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿਖੇ 2 ਆਮ ਆਦਮੀ ਕਲੀਨਿਕ ਆਰੰਭ ਹੋ ਗਏ ਹਨ। ਪਿੰਡ ਭੋਪੁਰ ਸੈਦਾਂ ਤੋ ਇਲਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਮਸਾਣੀਆਂ ਵਿਖੇ ਆਮ ਆਦਮੀ ਕਲੀਨਿਕ ਖੋਲਿਆ ਗਿਆ ਹੈ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉੱਚ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਸੂਬੇ ‘ਚ 110 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਘੱਟ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।
ਇਸ ਮੌਕੇ ਆਪ ਪਾਰਟੀ ਦੇ ਆਗੂ ਰਮਨ ਬਹਿਲ ਵਲੋ ਖੋਲੇ ਗਏ ਆਮ ਆਦਮੀ ਕਲੀਨਿਕ ਦੇ ਹੋਰ ਸਰਬਪੱਖੀ ਵਿਕਾਸ ਵੱਲ ਕੈਬਨਿਟ ਮੰਤਰੀ ਧਾਲੀਵਾਲ ਦਾ ਧਿਆਨ ਦਿਵਾਇਆ ਤਾ ਕੈਬਨਿਟ ਮੰਤਰੀ ਧਾਲੀਵਾਲ ਵਲੋ ਵਿਕਾਸ ਕੰਮ ਕਰਨ ਲਈ ਮੋਕੇ ਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਐਸ ਐਸ ਪੀ ਦੀਪਕ ਹਿਲੋਰੀ, ਆਪ ਪਾਰਟੀ ਦੇ ਆਗੂ ਰਮਨ ਬਹਿਲ, ਜਗਰੂਪ ਸਿੰਘ ਸੇਖਵਾ, ਸਿਵਲ ਸਰਜਨ ਡਾ ਹਰਭਜਨ ਰਾਮ, ਆਸ ਐਮ ਓ ਲਖਵਿੰਦਰ ਸਿੰਘ ਅਠਵਾਲ ਸਮੇਤ ਹੋਰ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।