ਕੇਂਦਰੀ ਅਤੇ ਪੰਜਾਬ ਦੀਆਂ ਖੁਫੀਆ ਏਜੰਸੀਆਂ ਨੇ ਸੁਰੱਖਿਆ ਮਜ਼ਬੂਤ ਕਰਨ ਲਈ ਕਿਹਾ
ਚੰਡੀਗੜ੍ਹ, 21 ਅਗਸਤ ( ਦੇ ਪੰਜਾਬ ਵਾਇਰ)।ਕੇਂਦਰੀ ਅਤੇ ਪੰਜਾਬ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਕਾਂਗਰਸ ਦੇ ਚਾਰ ਸੀਨੀਅਰ ਆਗੂਆਂ ਦੀ ਜਾਨ ਨੂੰ ਖਤਰਾ ਦੱਸਿਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਸੀਆਈਡੀ ਦੇ ਇਨਪੁਟਸ ‘ਤੇ ਸੂਬਾ ਪੁਲਿਸ ਨੂੰ ਇਨ੍ਹਾਂ ਆਗੂਆਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਪੁਲੀਸ ਨੇ ਇਨ੍ਹਾਂ ਆਗੂਆਂ ਦੀ ਸੁਰੱਖਿਆ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ।ਏਜੰਸੀ ਮੁਤਾਬਕ ਸਾਬਕਾ ਕਾਂਗਰਸ ਸਰਕਾਰ ਦੇ ਸੀਨੀਅਰ ਆਗੂਆਂ ਵਿੱਚ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਸਰਗਰਮ ਕੱਟੜਪੰਥੀ ਗਰੁੱਪ ਤੋਂ ਖਤਰਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੀਆਈਪੀ ਕਲਚਰ ਨੂੰ ਖਤਮ ਕਰਨ ਅਤੇ ਪੁਲੀਸ ਦੀ ਕਮੀ ਨੂੰ ਪੂਰਾ ਕਰਨ ਲਈ ਸੁਰੱਖਿਆ ਘਟਾਉਣ ਦੇ ਫੈਸਲੇ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਹਾਈ ਕੋਰਟ ਤੱਕ ਜਵਾਬ ਦੇਣਾ ਪਿਆ ਹੈ। 28 ਮਈ 2022 ਨੂੰ ਪੁਲਿਸ ਨੇ ਕੁਝ ਸਿਆਸਤਦਾਨਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਸੁਰੱਖਿਆ ਮੁਲਾਜ਼ਮਾਂ ਦੀ ਕਟੌਤੀ ਦੀ ਸੂਚੀ ਜਨਤਕ ਹੋਣ ਤੋਂ ਬਾਅਦ 29 ਮਈ ਨੂੰ ਗਾਇਕ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨੇ ਮਾਰ ਦਿੱਤਾ ਸੀ।