ਹੋਰ ਗੁਰਦਾਸਪੁਰ ਪੰਜਾਬ

ਮਿਲਾਵਟੀ ਵਸਤਾਂ ਦੀ ਵਿਕਰੀ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਨੇ ਵਿਸ਼ੇਸ਼ ਮੁਹਿੰਮ ਵਿੱਢੀ

ਮਿਲਾਵਟੀ ਵਸਤਾਂ ਦੀ ਵਿਕਰੀ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਨੇ ਵਿਸ਼ੇਸ਼ ਮੁਹਿੰਮ ਵਿੱਢੀ
  • PublishedAugust 24, 2022

ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ

ਗੁਰਦਾਸਪੁਰ, 24 ਅਗਸਤ ( ਮੰਨਣ ਸੈਣੀ )। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤਿ੍ਰਖਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੂਡ ਸੇਫ਼ਟੀ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਹਾਇਕ ਕਮਿਸ਼ਨਰ ਫੂਡ ਡਾ. ਜੀ.ਐੱਸ. ਪੰਨੂ ਅਤੇ ਫੂਡ ਸੇਫ਼ਟੀ ਅਫਸਰ ਰੇਖਾ ਸ਼ਰਮਾਂ ਵੱਲੋਂ ਅੱਜ ਗੁਰਦਾਸਪੁਰ ਅਤੇ ਇਸਦੇ ਆਸ-ਪਾਸ ਦੇ ਇਲਾਕੇ ਦੀਆਂ ਡੇਅਰੀਆਂ ਆਦਿ ਤੋਂ ਦੁੱਧ, ਘਿਓ ਅਤੇ ਪਨੀਰ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ ਗਏ। ਡਾ. ਜੀ.ਐੱਸ. ਪੰਨੂ ਨੇ ਕਿਹਾ ਕਿ ਇਕੱਤਰ ਕੀਤੇ ਗਏ ਸੈਂਪਲ ਖਰੜ ਲੈਬ ਵਿੱਚ ਟੈਸਟਿੰਗ ਲਈ ਭੇਜੇ ਜਾਣਗੇ ਅਤੇ ਜੇਕਰ ਕੋਈ ਸੈਂਪਲ ਫੇਲ ਹੋਇਆ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਜੀ.ਐੱਸ. ਪੰਨੂ ਨੇ ਦੱਸਿਆ ਕਿ ਸੈਂਪਲ ਭਰਨ ਦੌਰਾਨ ਫੂਡ ਸੇਫਟੀ ਐਕਟ ਅਧੀਨ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਵੀ ਚੈੱਕ ਕੀਤੇ ਗਏ। ਜਿਨਾਂ ਕੋਲ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਨਹੀਂ ਉਨਾਂ ਨੂੰ ਨੋਟਿਸ ਜਾਰੀ ਕੀਤੇ ਗਏ ਅਤੇ ਨਾਲ ਹੀ ਲਾਇਸੈਂਸ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਡਾ. ਪੰਨੂ ਨੇ ਡੇਅਰੀ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਦੁਕਾਨਾਂ ’ਤੇ ਵਧੀਆ ਅਤੇ ਮਿਆਰੀ ਖਾਣ-ਪੀਣ ਦਾ ਸਮਾਨ ਵੇਚਣ ਅਤੇ ਡੇਅਰੀ ਵਾਲੇ ਵਧੀਆ ਕੁਆਲਿਟੀ ਦਾ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਵੇਚਣ। ਉਨ੍ਹਾਂ ਦੱਸਿਆ ਕਿ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਅਤੇ ਤਿਆਰ ਕਰਨ ਵਾਲਿਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ। ਇਸ ਟ੍ਰੇਨਿੰਗ ਦੌਰਾਨ ਉਨ੍ਹਾਂ ਨੂੰ ਜਰੂਰੀ ਹਦਾਇਤਾਂ ਬਾਰੇ ਦੱਸਿਆ ਜਾਂਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਲਾਵਟੀ ਵਸਤਾਂ ਦੀ ਵਿਕਰੀ ਨੂੰ ਰੋਕਣ ਲਈ ਮੁਹਿੰਮ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ।

Written By
The Punjab Wire