ਪਿਛਲੇ 4 ਮਹੀਨਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ 1123 ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 25 ਅਗਸਤ (ਮੰਨਣ ਸੈਣੀ)। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀਆਂ ਕੋਸ਼ਿਸ਼ਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੰਗਾ ਹੁੰਗਾਰਾ ਮਿਲਿਆ ਹੈ। ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪਿਛਲੇ 4 ਮਹੀਨਿਆਂ ਵਿੱਚ ਜ਼ਿਲ੍ਹੇ ਦੇ 1123 ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਰੁਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਜਿਥੇ ਆਰਥਿਕ ਪੱਖੋਂ ਆਤਮ ਨਿਰਭਰ ਹੋਏ ਹਨ ਓਥੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਤੇ ਖੇੜੇ ਵੀ ਆਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਅਪ੍ਰੈਲ 2022 ਤੋਂ ਜੁਲਾਈ 2022 ਤੱਕ ਜ਼ਿਲ੍ਹੇ ਵਿੱਚ 23 ਪਲੇਸਮੈਂਟ ਕੈਂਪ ਲਗਾਏ ਗਏ ਹਨ ਜਿਨ੍ਹਾਂ ਵਿੱਚ 1123 ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 8339 ਨੌਜਵਾਨਾਂ ਨੇ ਆਪਣਾ ਨਾਮ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਰਜਿਸਟਰਡ ਕਰਵਾਇਆ ਸੀ ਅਤੇ ਪ੍ਰਸ਼ਾਸਨ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ ਕਿ ਹਰ ਯੋਗ ਨੌਜਵਾਨ ਨੂੰ ਰੁਜ਼ਗਾਰ ਜਰੂਰ ਮੁਹੱਈਆ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਰੋਜ਼ਗਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਦੇਸ਼ ਦੀਆਂ ਨਾਮੀ ਕੰਪਨੀਆਂ ਵਿੱਚ ਚੰਗੇ ਪੈਕੇਜ ’ਤੇ ਨੌਂਕਰੀਆਂ ਮਿਲੀਆਂ ਹਨ ਜਿਸ ਤੋਂ ਨੌਜਵਾਨ ਪੂਰੀ ਤਰਾਂ ਖੁਸ਼ ਅਤੇ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਰੁਜ਼ਗਾਰ ਹਾਸਲ ਕਰਕੇ ਆਰਥਿਕ ਪੱਖੋਂ ਆਤਮ ਨਿਰਭਰ ਤੇ ਖੁਸ਼ਹਾਲ ਹੋ ਰਹੇ ਹਨ ਜੋ ਕਿ ਸਾਡੇ ਲਈ ਤਸੱਲੀ ਵਾਲੀ ਗੱਲ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਨਾਮ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਜਰੂਰ ਰਜਿਸਟਰਡ ਕਰਨ ਤਾਂ ਜੋ ਉਨ੍ਹਾਂ ਦੀ ਯੋਗਤਾ ਅਨੁਸਾਰ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਸਕਣ।