ਤਰਨਤਾਰਨ, 31 ਅਗਸਤ (ਦ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਕੈਬਨਿਟ ਮੰਤਰੀਆਂ ਸਮੇਤ 9 ਵਿਅਕਤੀਆਂ ਖਿਲਾਫ ਤਰਨਤਾਰਨ ਜ਼ਿਲ੍ਹਾ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਮਾਮਲਾ ਰਾਸ਼ਟਰੀ ਮਾਰਗ ਜਾਮ ਕਰਨ ਦਾ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਿਕ ਤਰਨਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈ ਟੀ.ਓ., ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੋਂਗ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਇਕ ਵਰਕਰ ਸਮੇਤ ਕੁੱਲ 9 ਦੇ ਖਿਲਾਫ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਹਨ।
ਦਰਅਸਲ 20 ਅਗਸਤ 2020 ਨੂੰ ਨਕਲੀ ਸ਼ਰਾਬ ਕਾਰਨ 100 ਦੇ ਕਰੀਬ ਮੌਤਾਂ ਹੋ ਗਈਆਂ ਸੀ ਜਿਸ ਕਾਰਨ ਉਨ੍ਹਾਂ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਧਰਨਾ ਦਿੱਤਾ ਗਿਆ ਸੀ। ਸਪੀਕਰ ਸਣੇ ਕਈ ਹੋਰ ਲੀਡਰਾਂ ‘ਤੇ ਸਦਰ ਪੁਲਿਸ ਨੇ ਧਾਰਾ 188, ਸੀਆਰਪੀਸੀ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਸਬੰਧ ‘ਚ ਅਦਾਲਤ ਨੇ ਉਨ੍ਹਾਂ ਦੀ ਗੈਰ-ਹਾਜ਼ਰੀ ਦਾ ਨੋਟਿਸ ਲੈਂਦਿਆਂ ਮੰਗਲਵਾਰ ਨੂੰ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ।