ਸਾਬਕਾ ਗ੍ਰਹਿ ਮੰਤਰੀ ਰੰਧਾਵਾ ਨੇ ਕੀਤੀ ਪੰਜਾਬ ਅਤੇ ਪੰਜਾਬੀਆਂ ਦੀ ਏਕਤਾ ਲਈ ਅਰਦਾਸ, ਕਿਹਾ ਵਾਹਿਗੁਰੂ ਮੇਰੇ ਸੂਬੇ ਤੇ ਮੇਹਰ ਕਰੀ

ਗੁਰਦਾਸਪੁਰ, 31 ਅਗਸਤ (ਮੰਨਣ ਸੈਣੀ)। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਰਹੇ ਹਲਕਾ ਡੇਰਾ ਬਾਬਾ ਨਾਨਕ ਦੇ ਮੌਜੂਦਾ ਕਾਂਗਰਸੀ ਵਿਧਾਇਕ ਸੁੱਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੀ ਏਕਤਾ ਲਈ ਅਰਦਾਸ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਹ ਅਰਦਾਸ ਤਰਨਤਾਰਨ ਵਿੱਚ ਹੋਏ ਚਰਚ ਤੇ ਹਮਲੇ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਤੋੜੀਆਂ ਗਈਆਂ ਮੂਰਤੀਆਂ ਬਾਅਦ ਟਵੀਟਰ ਤੇ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਦੇਰ ਰਾਤ ਤਰਨਤਾਰਨ ਜ਼ਿਲੇ ਦੇ ਪਿੰਡ ਬਾਰਕਪੁਰਾ ਵਿੱਖੇ ਇਕ ਚਰਚ ਵਿੱਚ ਬੇਅਦਬੀ ਹੋਈ ਸੀ। ਰੰਧਾਵਾ ਨੇ ਟਵੀਟ ਕਰ ਕਿਹਾ ਕਿ “ਮੈਂ ਪੰਜਾਬ ਅਤੇ ਪੰਜਾਬੀਆਂ ਦੀ ਏਕਤਾ ਲਈ ਅਰਦਾਸ ਕਰਦਾ ਹਾਂ। ਵਾਹਿਗੁਰੂ ਮੇਰੇ ਸੂਬੇ ਤੇ ਮੇਹਰ ਕਰੀ” ?

ਇਥੇ ਇਹ ਵੀ ਦੱਸਣਯੋਗ ਹੈ ਕਿ ਚਰਚ ਵਿੱਚ ਹੋਈ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਜਾਂਚ ਦੇ ਹੁਕਮ ਦੇ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਮਕਸਦ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣਾ ਸੀ।

Exit mobile version