ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਤਨਖਾਹ ਵਧਾਉਣ ਦਾ ਮੁੱਦਾ ਜਲਦੀ ਹੀ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ, ਵਿੱਤ ਮੰਤਰੀ ਵੱਲੋਂ ਕਾਲਜ, ਯੂਨੀਵਰਸਿਟੀ ਅਧਿਆਪਕ ਯੂਨੀਅਨਾਂ ਨੂੰ ਭਰੋਸਾ

ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਤਨਖਾਹ ਵਧਾਉਣ ਦਾ ਮੁੱਦਾ ਜਲਦੀ ਹੀ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ, ਵਿੱਤ ਮੰਤਰੀ ਵੱਲੋਂ ਕਾਲਜ, ਯੂਨੀਵਰਸਿਟੀ ਅਧਿਆਪਕ ਯੂਨੀਅਨਾਂ ਨੂੰ ਭਰੋਸਾ
  • PublishedAugust 31, 2022

ਚੰਡੀਗੜ੍ਹ, 31 ਅਗਸਤ ( ਦ ਪੰਜਾਬ ਵਾਇਰ)। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅਧਿਆਪਕ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਹੇਅਰ ਨਾਲ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਦੁਆਰਾ ਕੀਤੀਆਂ ਸਿਫ਼ਾਰਸ਼ਾਂ ਅਨੁਸਾਰ ਤਨਖਾਹਾਂ ਵਧਾਉਣ ਦੀ ਉਹਨਾਂ ਦੀ ਮੰਗ ‘ਤੇ ਚਰਚਾ ਕਰਨਗੇ।

ਅੱਜ ਇੱਥੇ ਮਗਸੀਪਾ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਯੂਨੀਅਨਾਂ ਵੱਲੋਂ ਉਠਾਈ ਗਈ ਮੰਗ ਦੇ ਵਿੱਤੀ ਪ੍ਰਭਾਵ ਨੂੰ ਸਾਂਝਾ ਕਰਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸੌੜੀਆਂ ਨੀਤੀਆਂ ਕਾਰਨ ਸੂਬਾ ਵਿੱਤੀ ਬੋਝ ਹੇਠ ਦੱਬਿਆ ਹੋਇਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਤੱਥ ਤੋਂ ਵੀ ਜਾਣੂ ਹੈ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਲਈ ਯੂ.ਜੀ.ਸੀ ਦੀਆਂ ਸਿਫਾਰਸ਼ਾਂ ਅਨੁਸਾਰ ਤਨਖਾਹ ਸਕੇਲ ਜ਼ਿਆਦਾਤਰ ਰਾਜਾਂ ਵੱਲੋਂ ਲਾਗੂ ਕਰ ਦਿੱਤੇ ਗਏ ਹੋਏ ਹਨ।

ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਅੰਦਰ ਕੀਤੀ ਗਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਉਨ੍ਹਾਂ ਖੁਦ ਇਸ ਮੁੱਦੇ ‘ਤੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕਰਨ ਲਈ ਯੂਨੀਅਨਾਂ ਨਾਲ ਇਹ ਮੀਟਿੰਗ ਬੁਲਾਈ ਹੈ ਕਿਉਂਕਿ ਮੁੱਖ ਮੰਤਰੀ ਪਹਿਲਾਂ ਹੀ ਇਸ ਮੁੱਦੇ ਬਾਰੇ ਆਪਣੀ ਇੱਛਾ ਜ਼ਾਹਰ ਕਰ ਚੁੱਕੇ ਹਨ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ ਅਤੇ ਡੀ.ਪੀ.ਆਈ.ਕਾਲਜ ਰਾਜੀਵ ਗੁਪਤਾ ਵੀ ਹਾਜ਼ਰ ਸਨ

Written By
The Punjab Wire