ਆਰਥਿਕਤਾ ਹੋਰ ਮੁੱਖ ਖ਼ਬਰ

ਚੀਮਾ ਵੱਲੋਂ ਮਾਲ ਪਟਵਾਰੀਆਂ ਅਤੇ ਕਾਨੂੰਗੋ ਨੂੰ ਉਨ੍ਹਾਂ ਦੇ ਮੁੱਖ ਮੁੱਦਿਆਂ ਦੇ ਜਲਦੀ ਹੱਲ ਦਾ ਭਰੋਸਾ

ਚੀਮਾ ਵੱਲੋਂ ਮਾਲ ਪਟਵਾਰੀਆਂ ਅਤੇ ਕਾਨੂੰਗੋ ਨੂੰ ਉਨ੍ਹਾਂ ਦੇ ਮੁੱਖ ਮੁੱਦਿਆਂ ਦੇ ਜਲਦੀ ਹੱਲ ਦਾ ਭਰੋਸਾ
  • PublishedSeptember 9, 2022

ਵਿੱਤ ਮੰਤਰੀ ਨੇ ਮਾਲ ਮੰਤਰੀ ਦੀ ਮੌਜੂਦਗੀ ਵਿੱਚ ਮਾਲ ਪਟਵਾਰੀ ਅਤੇ ਕਾਨੂੰਗੋ ਯੂਨੀਅਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 09 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮਾਲ ਵਿਭਾਗ ਦੇ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

ਅੱਜ ਇਥੇ ਆਪਣੇ ਦਫਤਰ ਵਿਖੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਹਾਜ਼ਰੀ ਵਿੱਚ ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਹਮਦਰਦੀ ਨਾਲ ਸੁਣਿਆ।

ਮਾਲ ਵਿਭਾਗ ਵਿੱਚ ਪਟਵਾਰੀਆਂ ਦੀ ਘਾਟ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਇਸੇ ਤਹਿਤ ਮਾਲ ਵਿਭਾਗ ਵਿੱਚ 700 ਪਟਵਾਰੀਆਂ ਦੀ ਭਰਤੀ ਜਲਦੀ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਜਲਦੀ ਹੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਵਿੱਤ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਦਿਆਂ ‘ਤੇ ਚਰਚਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਵਿੱਤ ਵਿਭਾਗ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਇਸ ਸਬੰਧੀ ਜਲਦੀ ਹੀ ਯੂਨੀਅਨਾਂ ਨਾਲ ਇੱਕ ਹੋਰ ਮੀਟਿੰਗ ਵੀ ਸੱਦੀ ਜਾਵੇਗੀ।

ਮੀਟਿੰਗ ਵਿੱਚ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮਾਲ ਅਤੇ ਮੁੜ ਵਸੇਬਾ ਅਤੇ ਗੁਰਪ੍ਰੀਤ ਕੌਰ ਸਪਰਾ, ਸਕੱਤਰ ਵਿੱਤ ਵੀ ਹਾਜ਼ਰ ਸਨ। 

Written By
The Punjab Wire