ਵਿਧਾਇਕ ਅਮਰਪਾਲ ਸਿੰਘ ਨੇ ਰੂਰਲ ਹਸਪਤਾਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਹਾਲਤ ਸੁਧਾਰਨ ਦਾ ਦਿੱਤਾ ਭਰੋਸਾ
ਗੁਰਦਾਸਪੁਰ, 10 ਸਤੰਬਰ (ਮੰਨਣ ਸੈਣੀ )। ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਰੂਰਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਹਸਪਤਾਲ ਦੀ ਓ.ਪੀ.ਡੀ. ਚੈੱਕ ਕਰਨ ਤੋਂ ਇਲਾਵਾ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਚੈਕਿੰਗ ਦੌਰਾਨ ਪਾਇਆ ਗਿਆ ਕਿ ਇਸ ਹਸਪਤਾਲ ਵਿੱਚ ਰੋਜ਼ਾਨਾਂ 70 ਤੋਂ 100 ਦੇ ਕਰੀਬ ਮਰੀਜ਼ ਦਵਾਈ ਲੈਣ ਆੳਂਦੇ ਹਨ ਅਤੇ ਅੱਜ ਹਸਪਤਾਲ ਵਿੱਚ 6 ਮਰੀਜ਼ ਇਲਾਜ ਲਈ ਦਾਖਲ ਸਨ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਇਹ ਰੂਰਲ ਹਸਪਤਾਲ ਇਸ ਸ਼ਹਿਰ ਦੇ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਨੂੰ ਸਿਹਤ ਸੇਵਾਵਾਂ ਦਿੰਦਾ ਹੈ। ਵਿਧਾਇਕ ਨੇ ਕਿਹਾ ਕਿ ਉਹ ਖੁਦ ਵੀ ਲੋੜ ਪੈਣ ’ਤੇ ਇਸੇ ਹਸਪਤਾਲ ਤੋਂ ਦਵਾਈ ਲੈਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਰੂਰਲ ਹਸਪਤਾਲ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਥੇ ਮਾਹਿਰ ਡਾਕਟਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਜਲਦ ਹੀ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਨਗੇ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਵੱਲ ਧਿਆਨ ਨਾ ਦੇਣ ਕਾਰਨ ਸਰਕਾਰੀ ਹਸਪਤਾਲਾਂ ਤੇ ਹੋਰ ਸਿਹਤ ਸੰਸਥਾਵਾਂ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਸਿਹਤ ਸੇਵਾਵਾਂ ਨੂੰ ਠੀਕ ਕਰਕੇ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਆਮ ਇਨਸਾਨ ਦੀ ਪਹੁੰਚ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿਥੇ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਓਥੇ ਹਸਪਤਾਲਾਂ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸਐਮਓ ਡਾ. ਮਨੋਹਰ ਲਾਲ, ਮੈਡੀਕਲ ਅਫਸਰ ਡਾ. ਰਮਨੀਤ ਕੌਰ ਤੇ ਹੋਰ ਸਟਾਫ਼ ਵੀ ਹਾਜ਼ਰ ਸੀ।