ਹਰੇਕ ਪੰਜਾਬੀ ਦੇਸ਼ ਦੇ ਰਾਸ਼ਟਰਪਤੀ ਦਾ ਨਿੱਘਾ ਸਵਾਗਤ ਕਰਨਾ ਚਾਹੁੰਦੈ: ਭਗਵੰਤ ਮਾਨ
ਕਿਹਾ, ਜਰਮਨੀ ਦੇ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ
ਨਵੀਂ ਦਿੱਲੀ, 10 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਸ੍ਰੀਮਤੀ ਮੁਰਮੂ ਨੂੰ ਦੱਸਿਆ ਕਿ ਪੰਜਾਬ ਸੱਭਿਅਤਾ ਦਾ ਪੰਘੂੜਾ ਹੋਣ ਦੇ ਨਾਲ ਨਾਲ ਇਸਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਜਿਸਦਾ ਅਹਿਸਾਸ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਕੇ ਹੀ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਇਸਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਦੇਖਣ ਲਈ ਲਾਜ਼ਮੀ ਤੌਰ ‘ਤੇ ਸੂਬੇ ਦਾ ਦੌਰਾ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਉਣ ‘ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਮੁੱਚੇ ਸੂਬਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਜਰਮਨੀ ਦੌਰਾ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਬਰਲਿਨ, ਮਿਊਨਿਖ ਅਤੇ ਫਰੈਂਕਫਰਟ ਦੇ ਦੌਰੇ ਦੌਰਾਨ ਉਹ ਨਿਰਮਾਣ, ਸੈਰ-ਸਪਾਟਾ, ਫਾਰਮਾਸਿਊਟੀਕਲ ਅਤੇ ਹੋਰ ਖੇਤਰ ਦੀਆਂ ਮੋਹਰੀ ਕੰਪਨੀਆਂ ਨਾਲ ਮੁਲਾਕਾਤ ਕਰਨਗੇ ਜੋ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛੁਕ ਹਨ।
ਉਨ੍ਹਾਂ ਕਿਹਾ ਕਿ ਸਮੁੱਚੇ ਯਤਨਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇਸ਼ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰੇ।
ਮੁੱਖ ਮੰਤਰੀ ਨੇ ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜਗਾਰ ਮਾਹੌਲ ਹੈ ਜਿਸ ਕਾਰਨ ਨਿਵੇਸ਼ਕ ਸੂਬੇ ਵਿੱਚ ਆਉਣ ਅਤੇ ਇੱਥੇ ਆਪਣਾ ਕਾਰੋਬਾਰ ਵਧਾਉਣ ਵਿੱਚ ਦਿਲਚਸਪੀ ਵਿਖਾ ਰਹੇ ਹਨ।