ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੱਲ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ’ਤੇ ਮੋਹਤਬਰਾਂ ਦੇ ਰੂਬਰੂ ਹੋਣਗੇ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਤਿਆਰੀਆਂ ਦਾ ਜਾਇਜਾ

ਗੁਰਦਾਸਪੁਰ, 11 ਸਤੰਬਰ ( ਮੰਨਣ ਸੈਣੀ)। ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਿਤੀ 12 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਵੀ ਮੌਜੂਦ ਹੋਣਗੇ। ਇਸ ਸਬੰਧੀ ਵਿਸ਼ੇਸ਼ ਸਮਾਗਮ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਗੁਰਦਾਸਪੁਰ ਵਿਖੇ ਰੱਖਿਆ ਗਿਆ ਹੈ।

ਮਾਣਯੋਗ ਰਾਜਪਾਲ ਪੰਜਾਬ ਦੀ ਗੁਰਦਾਸਪੁਰ ਆਮਦ ਸਬੰਧੀ ਪ੍ਰਸ਼ਾਸਨ ਵੱਲੋਂ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਗੁਰਦਾਸਪੁਰ ਵਿਖੇ ਕੀਤੀਆਂ ਤਿਆਰੀਆਂ ਦਾ ਜਾਇਜਾ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ ਵੱਲੋਂ ਲਿਆ ਗਿਆ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਆਪਣੀ ਗੁਰਦਾਸਪੁਰ ਫੇਰੀ ਦੌਰਾਨ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੇ ਰੂਬਰੂ ਹੋਣਗੇ ਅਤੇ ਉਨ੍ਹਾਂ ਦੀ ਮੁਸ਼ਕਲਾਂ ਨੂੰ ਜਾਨਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਮਾਣਯੋਗ ਰਾਜਪਾਲ ਦੀ ਫੇਰੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਇਸ ਮੌਕੇ ਉਨ੍ਹਾਂ ਨਾਲ ਏ.ਡੀਸੀ. ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਵਿਕਰਮਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਵਰੁਣ ਕੁਮਾਰ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਜਤਿੰਦਰ ਮੋਹਨ ਤੇ ਹੋਰ ਅਧਿਕਾਰੀ ਵੀ ਨਾਲ ਹਾਜ਼ਰ ਸਨ।   

Exit mobile version