ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਦੁਸ਼ਮਣ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਦੇ ਨਾਲ ਆਮ ਲੋਕ ਵੀ ਚੌਕਸ ਰਹਿਣ – ਰਾਜਪਾਲ ਪੰਜਾਬ

ਦੁਸ਼ਮਣ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਦੇ ਨਾਲ ਆਮ ਲੋਕ ਵੀ ਚੌਕਸ ਰਹਿਣ – ਰਾਜਪਾਲ ਪੰਜਾਬ
  • PublishedSeptember 12, 2022

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਤਕੀਆਂ ਦੇ ਰੂਬਰੂ ਹੋਏ

ਸਰਹੱਦ ਨੇੜੇ ਹੁੰਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਸਖਤੀ ਨਾਲ ਰੋਕਣ ਦੀਆਂ ਹਦਾਇਤਾਂ ਦਿੱਤੀਆਂ

ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਗਠਤ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਲਾਘਾ ਕੀਤੀ

ਗੁਰਦਾਸਪੁਰ, 12 ਸਤੰਬਰ ( ਮੰਨਣ ਸੈਣੀ)। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸਥਾਨਕ ਹੋਟਲ ਮੈਨਜਮੈਂਟ ਸੰਸਥਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਤਕੀਆਂ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਨਾਲ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਕਲਸੀ, ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਜੇ.ਐੱਮ. ਬਾਲਾਮੁਰਗਨ, ਪ੍ਰਿੰਸੀਪਲ ਸਕੱਤਰ ਫਾਇਨਾਂਸ ਸ੍ਰੀ ਏ.ਕੇ ਸਿਨਹਾ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ ਅਤੇ ਐੱਸ.ਐੱਸ.ਪੀ. ਬਟਾਲਾ ਸ੍ਰੀ ਸਤਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਹੁੰਦਿਆਂ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਹਮੇਸ਼ਾਂ ਹੀ ਪੰਜਾਬ ਅਤੇ ਦੇਸ਼ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ ਅਤੇ ਦੁਸ਼ਮਣ ਦੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਜਿਥੇ ਬੀ.ਐੱਸ.ਐੱਫ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਨਦੇਹੀ ਨਾਲ ਲੱਗੀਆਂ ਹੋਈਆਂ ਹਨ ਓਥੇ ਸਰਹੱਦ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਮੁਸ਼ਤੈਦ ਰਹਿਣਾ ਚਾਹੀਦਾ ਹੈ।

ਸਰਹੱਦ ਨੇੜੇ ਹੁੰਦੀ ਗੈਰ ਕਾਨੂੰਨੀ ਮਾਈਨਿੰਗ ’ਤੇ ਚਿੰਤਾ ਜ਼ਾਹਰ ਕਰਦਿਆਂ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਹੱਦ ਨੇੜੇ ਹੁੰਦੀ ਗੈਰ-ਕਾਨੂੰਨੀ ਮਾਇਨਿੰਗ ਨੂੰ ਸਖਤੀ ਨਾਲ ਰੋਕਿਆ ਜਾਵੇ ਅਤੇ ਅਜਿਹੀਆਂ ਥਾਵਾਂ ’ਤੇ ਮਾਇਨਿੰਗ ਕਰਨ ਵਾਲੇ ਵਿਅਕਤੀਆਂ ਖਿਲਾਫ ਹੋਰ ਧਰਾਵਾਂ ਦੇ ਨਾਲ ਦੇਸ਼ ਧਰੋਹ ਦਾ ਮਾਮਲਾ ਵੀ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਇਸ ਵਿਚ ਕੋਈ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਡਿਫੈਂਸ ਕਮੇਟੀ ਦਾ ਗਠਨ ਕਰਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਸਮੁੱਚੇ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਮਾਣਯੋਗ ਰਾਜਪਾਲ ਪੰਜਾਬ ਨੇ ਕਿਹਾ ਕਿ ਅਜਿਹੀਆਂ ਡਿਫੈਂਸ ਕਮੇਟੀਆਂ ਪੂਰੇ ਰਾਜ ਵਿੱਚ ਬਣਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਡਿਫੈਂਸ ਕਮੇਟੀਆਂ ਦੀ ਚੌਕਸੀ ਨਾਲ ਸਮਾਜ ਤੇ ਦੇਸ਼ ਵਿਰੋਧੀ ਅਨਸਰਾਂ ਦੀ ਪਛਾਣ ਹੋ ਸਕੇਗੀ, ਜਿਨ੍ਹਾਂ ’ਤੇ ਕਾਬੂ ਪਾਇਆ ਜਾ ਸਕੇਗਾ। ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਡਿਫੈਂਸ ਕਮੇਟੀ ਦਾ ਗਠਨ ਕਰਕੇ ਉਨ੍ਹਾਂ ਨੂੰ ਐਕਟਿਵ ਕੀਤਾ ਜਾਵੇ।

ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਪੰਚ-ਪੰਚ ਆਪਣੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਉਨ੍ਹਾਂ ਦਾ ਫਰਜ ਬਣਦਾ ਹੈ ਕਿ ਉਹ ਆਪਣੇ ਪਿੰਡ ਵਾਸੀਆਂ ਨੂੰ ਦੇਸ਼ ਦੀ ਸੁਰੱਖਿਆ ਸਬੰਧੀ ਚਿੰਤਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਚੌਕਸ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਜਦੋਂ ਵੀ ਕਿਸੇ ਸ਼ੱਕੀ ਕਾਰਵਾਈ ਦਾ ਪਤਾ ਲੱਗੇ ਤਾਂ ਉਹ ਤੁਰੰਤ ਇਸਦੀ ਸੂਚਨਾ ਸੁਰੱਖਿਆ ਏਜੰਸੀਆਂ ਨੂੰ ਦੇਣ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਸਮਗਲਿੰਗ ਲਈ ਹੁੰਦੀ ਡਰੋਨ ਦੀ ਵਰਤੋਂ ਬਾਰੇ ਵੀ ਪੂਰੀ ਤਰ੍ਹਾਂ ਚੌਕਸ ਰਿਹਾ ਜਾਵੇ। ਇਸ ਮੌਕੇ ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਦੇਸ਼ ਦੀ ਸੁਰੱਖਿਆ ਬਾਰੇ ਅਵਾਮ ਵਿੱਚ ਜਾਗ੍ਰਿਤੀ ਪੈਦਾ ਕਰਨ। ਰਾਜਪਾਲ ਪੰਜਾਬ ਨੇ ਕਿਹਾ ਕਿ ਉਹ ਸੂਬੇ ਦੇ ਸਰਹੱਦੀ ਵਸਨੀਕਾਂ ਨੂੰ ਦੇਸ਼ ਦੀ ਸੁਰੱਖਿਆ ਲਈ ਜਾਗਰੂਕ ਕਰਨ ਲਈ ਯਤਨਸ਼ੀਲ ਰਹਿਣਗੇ।

ਇਸਤੋਂ ਬਾਅਦ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਅਤੇ ਉਨ੍ਹਾਂ ਨਾਲ ਆਏ ਸੀਨੀਅਰ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਧ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਸ੍ਰੀ ਵਿਕਰਮਜੀਤ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਸਹਾਇਕ ਕਮਿਸ਼ਨਰ ਸ੍ਰੀ ਵਰੁਨ ਕੁਮਾਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ, ਦੀਨਨਗਰ ਤੋਂ ਆਪ ਆਗੂ ਸ੍ਰੀ ਸ਼ਮਸ਼ੇਰ ਸਿੰਘ ਸਮਤੇ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਸਰਪੰਚ ਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

Written By
The Punjab Wire