ਚੰਡੀਗੜ੍ਹ, 12 ਸਤੰਬਰ (ਦਾ ਪੰਜਾਬ ਵਾਇਰ) । ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੰਤਰੀ ਸ੍ਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ।
ਸ੍ਰੀ ਸਰਾਰੀ ਦੀ ਆਪਣੇ ਓ ਐਸ ਡੀ ਨਾਲ ਹੋਈ ਗੱਲਬਾਤ ਦੀ ਆਡੀਓ ਟੇਪ ਬਾਰੇ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੰਤਰੀ ਕੁਝ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਕੋਲੋਂ ਫਿਰੌਤੀ ਦੀ ਰਕਮ ਹਾਸਲ ਕਰਨ ਦੀ ਯੋਜਨਾ ’ਤੇ ਚਰਚਾ ਕਰਦੇ ਫੜੇ ਗਏ ਹਨ।
ਉਹਨਾਂ ਕਿਹਾ ਕਿ ਓ ਐਸ ਡੀ ਨੇ ਆਪ ਇਹ ਗੱਲ ਆਖੀ ਹੈ ਕਿ ਇਹ ਆਡੀਓ ਟੇਪ ਅਸਲੀ ਹੈ ਅਤੇ ਇਹ ਹੁਣ ਸਰਕਾਰ ਦੇ ਹੱਥ ਹੈ ਕਿ ਉਹ ਸ੍ਰੀ ਸਰਾਰੀ ਦੇ ਖਿਲਾਫ ਦੋਸ਼ਾਂ ਵਾਲੀ ਇਹ ਟੇਪ ਸੀ ਬੀ ਆਈ ਨੂੰ ਸੌਂਪ ਕੇ ਇਸਦੀ ਡੂੰਘਾਈ ਨਾਲ ਜਾਂਚ ਕਰਵਾਉਂਦੀ ਹੈ ਜਾਂ ਨਹੀਂ।
ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਸ੍ਰੀ ਸਰਾਰੀ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਸਾਬਕਾ ਮੰਤਰੀ ਸ੍ਰੀ ਵਿਜੇ ਕੁਮਾਰ ਸਿੰਗਲਾ ਦੇ ਮਾਮਲੇ ਵਿਚ ਮੁੱਖ ਮੰਤਰੀ ਨੇ ਇਹ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਉਹ ਵੀਡੀਓ ਵੇਖੀ ਹੈ ਜਿਸ ਤੋਂ ਸ੍ਰੀ ਸਿੰਗਲਾ ਦੋਸ਼ੀ ਸਾਬਤ ਹੁੰਦੇ ਹਨ ਤੇ ਇਸੇ ਲਈ ਉਹ ਉਹਨਾਂ ਨੂੰ ਬਰਖ਼ਾਸਤ ਕਰ ਰਹੇ ਹਨ ਤੇ ਉਹਨਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਦੋਗਲੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ। ਉਹਨਾਂ ਮੰਗ ਕੀਤੀ ਕਿ ਸ੍ਰੀ ਸਰਾਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਹਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ।
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਸ੍ਰੀ ਵਿਜੇ ਸਿੰਗਲਾ ਦੇ ਮਾਮਲੇ ਵਿਚ ਯੂ ਟਰਨ ਮਾਰ ਲਿਆ ਹੈ ਤੇ ਹੁਣ ਸਾਬਕਾ ਮੰਤਰੀ ਜਿਹਨਾਂ ਨੂੰ ਪਹਿਲਾਂ ਆਪਣੇ ਤੋਂ ਦੂਰ ਕਰ ਦਿੱਤਾ ਗਿਆ ਸੀ, ਪਾਰਟੀ ਦੀਆਂ ਸਾਰੀਆਂ ਮੀਟਿੰਗਾਂ ਵਿਚ ਨਿਯਮਿਤ ਵੇਖੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਜਿਸ ਵੀਡੀਓ ਦੇ ਆਧਾਰ ’ਤੇ ਉਹਨਾਂ ਨੂੰ ਬਰਖ਼ਾਸਤ ਕੀਤਾ ਗਿਆ ਸੀ, ਉਹ ਹਾਲੇ ਤੱਕ ਅਦਾਲਤ ਵਿਚ ਪੇਸ਼ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਉਹਨਾਂ ਖਿਲਾਫ ਕੇਸ ਵਿਚ ਹਾਲੇ ਤੱਕ ਚਾਰਜਸ਼ੀਟ ਵੀ ਦਾਇਰ ਨਹੀਂ ਕੀਤੀ ਗਈ।
ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਸ੍ਰੀ ਸਰਾਰੀ ਗੈਰ ਕਾਨੂੰਨੀ ਮਾਇਨਿੰਗ ਵਿਚ ਸ਼ਾਮਲ ਹਨ ਤੇ ਇਹ ਖੁਲ੍ਹਾਸਾ ਜਨਤਕ ਹੈ ਪਰ ਆਪ ਸਰਕਾਰ ਨੇ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।
ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਸਰਕਾਰ ਉਹਨਾਂ ਦਾ ਬਚਾਅ ਕਰਨ ਲਈ ਪੱਬਾਂ ਭਾਰ ਹੈ ਜਿਹਨਾਂ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਫੈਸਲੇ ਦਾ ਜਨਤਕ ਤੌਰ ’ਤੇ ਪ੍ਰਚਾਰ ਕੀਤਾ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਮਰਹੂਮ ਗਾਇਕ ਦੀ ਮਾਂ ਦੀ ਜ਼ੋਰਦਾਰ ਮੰਗ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਇਹਨਾਂ ਕਸੂਰਵਾਰਾਂ ਵਿਚ ਮੀਡੀਆ ਡਾਇਰੈਕਟਰ ਬਲਦੇਵ ਪੰਨੂ ਤੇ ਕੋਆਰਡੀਨੇਟਰ ਆਯੂਸ਼ੀ ਵੀ ਸ਼ਾਮਲ ਹਨ।
ਮੀਡੀਆ ਦੇ ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਇਹ ਸਰਕਾਰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਹੋ ਗਈ ਹੈ ਤੇ ਇਸੇ ਕਾਰਨ ਐਨ ਆਈ ਏ ਨੇ ਸੂਬੇ ਵਿਚ ਛਾਪੇਮਾਰੀ ਕਰ ਕੇ ਜਿਹਨਾਂ ਦੇ ਗੈਂਗਸਟਰਾਂ ਨਾਲ ਸੰਬੰਧ ਹਨ, ਉਹਨਾਂ ਨੂੰ ਨਿਸ਼ਾਨੇ ’ਤੇ ਲਿਆ ਹੈ।