21 ਸਤੰਬਰ ਨੂੰ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮਾਰਚ ਕੱਢਿਆ ਜਾਵੇਗਾ
ਗੁਰਦਾਸਪੁਰ, 18 ਸਤੰਬਰ (ਮੰਨਣ ਸੈਣੀ)। ਰੇਤਾ-ਬੱਜਰੀ ਦੀਆਂ ਸ਼ਿਖਰਾਂ ਤੇ ਪਹੁੰਚੀ ਕੀਮਤਾਂ ਕਾਰਨ ਮਜ਼ਦੂਰਾਂ ਦੇ ਸਬਰ ਦਾ ਬੰਨ੍ਹ ਹੁਣ ਟੁੱਟ ਗਏ ਹੈ। ਜਿਸ ਦੇ ਚਲਦੇ ਉਸਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਦੀ ਅਗਵਾਈ ਵਿੱਚ ਮਜ਼ਦੂਰਾਂ ਵੱਲੋਂ 21 ਸਤੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਕੇ ਮੁੱਖ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਡੀਸੀ ਨੂੰ ਸੌਂਪਿਆ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਉਸਰੀ ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ਰਾਣਾ ਨੇ ਕੀਤਾ |
ਇਸ ਮੌਕੇ ਕਾਮਰੇਡ ਅਮਰੀਕ ਸਿੰਘ ਯਾਦਗਰ ਹਾਲ ਗੁਰਦਾਸਪੁਰ ਵਿਖੇ ਜੋਗਿੰਦਰ ਪਾਲ ਪਨਿਆੜ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਰਮੇਸ਼ ਰਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੇਤ ਮਾਫੀਆ ‘ਤੇ ਸ਼ਿਕੰਜਾ ਕੱਸਣ ਅਤੇ ਲੋਕਾਂ ਨੂੰ ਸਸਤੀ ਉਸਾਰੀ ਸਮੱਗਰੀ ਮੁਹੱਈਆ ਕਰਵਾਉਣ ਦੇ ਵਾਅਦੇ ਕੀਤੇ ਹਨ। ਰੇਤਾ-ਬੱਜਰੀ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ ਹੀ ਰਹਿ ਗਿਆ ਹੈ। ਉਸਾਰੀ ਕਿਰਤੀਆਂ ਨੂੰ ਕੰਮ ਨਾ ਮਿਲਣ ਕਾਰਨ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਆਰਥਿਕ ਮੰਦੀ ਵਿੱਚੋਂ ਲੰਘ ਰਹੇ ਹਨ। ਮੰਡੀ ਵਿੱਚ ਰੇਤ ਛੇ ਤੋਂ ਸੱਤ ਹਜ਼ਾਰ ਰੁਪਏ ਪ੍ਰਤੀ ਸੌ ਚੋਰ ਦੇ ਹਿਸਾਬ ਨਾਲ ਵਿਕ ਰਹੀ ਹੈ। ਜਿਸ ਕਾਰਨ ਇਹ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਮਹਿੰਗੀ ਉਸਾਰੀ ਸਮੱਗਰੀ ਕਾਰਨ ਲੋਕਾਂ ਨੇ ਮਕਾਨ ਬਣਾਉਣ ਦਾ ਕੰਮ ਬੰਦ ਕਰ ਦਿੱਤਾ ਹੈ। ਜਿਸ ਦਾ ਸਿੱਧਾ ਅਸਰ ਉਸਾਰੀ ਖੇਤਰ ਨਾਲ ਜੁੜੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ‘ਤੇ ਪੈਂਦਾ ਹੈ।
ਇਫਟੂ ਦੇ ਜ਼ਿਲ੍ਹਾ ਸਕੱਤਰ ਜੋਗਿੰਦਰ ਪਾਲ ਘੁਰਾਲਾ ਅਤੇ ਜ਼ਿਲ੍ਹਾ ਆਗੂ ਸੁਖਦੇਵ ਰਾਜ ਬਹਿਰਾਮਪੁਰ ਨੇ ਕਿਹਾ ਕਿ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਨਾਅਰਾ ਦੇ ਕੇ ਬਣੀ ਭਗਵੰਤ ਮਾਨ ਦੀ ਸਰਕਾਰ ਮਜ਼ਦੂਰ ਵਰਗ ਦਾ ਗਲਾ ਘੁੱਟਣ ’ਤੇ ਲੱਗੀ ਹੋਈ ਹੈ। ਕਿਰਤ ਭਲਾਈ ਬੋਰਡ ਵੱਲੋਂ ਮਜ਼ਦੂਰਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਿਰਫ਼ ਕਾਗਜ਼ਾਂ ਦਾ ਸ਼ਿੰਗਾਰ ਬਣ ਕੇ ਰਹਿ ਗਈਆਂ ਹਨ। ਮਜ਼ਦੂਰਾਂ ਦੇ ਬੱਚਿਆਂ ਲਈ ਭਲਾਈ ਵਿਭਾਗ ਵੱਲੋਂ ਐਲਾਨੀਆਂ ਸਹੂਲਤਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਇਸ ਆਰਥਿਕ ਮੰਦੀ ਤੋਂ ਤੰਗ ਆ ਕੇ ਮਜ਼ਦੂਰਾਂ, ਮਿਸਤਰੀਆਂ, ਡੰਪ ਹੋਲਡਰਾਂ ਅਤੇ ਟਿੱਪਰ ਕਾਰਟ ਯੂਨੀਅਨਾਂ ਨੇ 21 ਸਤੰਬਰ ਨੂੰ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਡੀਸੀ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਡੀਸੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਜਾਵੇਗਾ।ਜਿਸ ਵਿੱਚ ਰੇਤਾ-ਬੱਜਰੀ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ, ਪੰਜਾਬ ਦੇ ਕਰੱਸ਼ਰ ਚਾਲੂ ਕਰਨ ਅਤੇ ਰਜਿਸਟਰਡ ਮਜ਼ਦੂਰਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਆਰਥਿਕ ਪੈਕੇਜ ਦੀ ਮੰਗ ਕੀਤੀ ਜਾਵੇਗੀ। ਵਰਕਰਾਂ ਵੱਲੋਂ ਨਹਿਰੂ ਪਾਰਕ ਗੁਰਦਾਸਪੁਰ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਪੇਸ਼ਕਸ਼ ਕੀਤੀ ਗਈ। ਇਸ ਮੌਕੇ ਬੋਧ ਰਾਜ, ਸੁਰਿੰਦਰਪਾਲ, ਸਾਧੂ ਰਾਮ, ਸੁਨੀਲ ਕੁਮਾਰ, ਅਸ਼ੋਕ, ਪਵਨ ਕੁਮਾਰ, ਬਚਨ ਲਾਲ ਅਤੇ ਗੁਰਮੀਤ ਰਾਜ ਹਾਜ਼ਰ ਸਨ।