ਚੰਡੀਗੜ, 20 ਸਤੰਬਰ (ਦ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਸ.ਐਸ.ਪੀ ਦਫਤਰ ਫਿਰੋਜਪੁਰ ਦੀ ਸਪੈਸ਼ਲ ਬ੍ਰਾਂਚ ਵਿਖੇ ਤਾਇਨਾਤ ਸਿਪਾਹੀ ਇੰਦਰਜੀਤ ਸਿੰਘ (ਨੰਬਰ 237/ਫਿਰੋਜਪੁਰ) ਵਿਰੁੱਧ 2 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ 5 ਲੱਖ ਰੁਪਏ ਹੋਰ ਰਿਸ਼ਵਤ ਦੀ ਮੰਗਣ ਦੇ ਦੋਸ਼ਾਂ ਅਧੀਨ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਨਕ ਰਾਜ ਵਾਸੀ ਪਿੰਡ ਪੰਜੇ ਕੀ ਉਤਾੜ, ਜ਼ਿਲਾ ਫਿਰੋਜਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਦੋਸ਼ੀ ਸਿਪਾਹੀ ਇੰਦਰਜੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਦੇ ਥਾਣਾ ਫਿਰੋਜਪੁਰ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ-ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸਿਪਾਹਿ ਉਸ ਨੂੰ ਚੰਡੀਗੜ ਲਈ ਬਣੀ ਸ਼ਰਾਬ ਰੱਖਣ ਦੇ ਡਰਾਵਾ ਰਾਹੀਂ ਝੂਠਾ ਮੁਕੱਦਮਾ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜਮ ਸਿਪਾਹੀ ਇਸ ਸਬੰਧੀ ਪਹਿਲਾਂ ਵੀ 2 ਲੱਖ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਵਜੋਂ 5 ਲੱਖ ਰੁਪਏ ਹੋਰ ਮੰਗ ਰਿਹਾ ਹੈ, ਜਿਸ ਨਾਲ ਉਸ ਨੇ ਫੋਨ ‘ਤੇ ਗੱਲਬਾਤ ਵੀ ਰਿਕਾਰਡ ਕਰ ਲਈ ਹੈ। ਵਿਜੀਲੈਂਸ ਬਿਉਰੋ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।