ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਵਾਸੀ ਆਪਣੇ ਘਰਾਂ ’ਤੇ ਤਿਰੰਗੇ ਲਹਿਰਾਉਣ ਅਤੇ ਦੀਪਮਾਲਾ ਕਰਨ – ਡਿਪਟੀ ਕਮਿਸ਼ਨਰ

28 ਸਤੰਬਰ ਦੀ ਸ਼ਾਮ ਨੂੰ ਸਾਰੀਆਂ ਤਹਿਸੀਲਾਂ ਵਿੱਚ ਕੱਢੇ ਜਾਣਗੇ ਕੈਂਡਲ ਮਾਰਚ

ਗੁਰਦਾਸਪੁਰ, 27 ਸਤੰਬਰ (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਆਪਣੇ ਘਰਾਂ ਅਤੇ ਕੰਮ-ਕਾਜੀ ਸਥਾਨਾਂ ’ਤੇ ਤਿਰੰਗਾ ਝੰਡਾ ਜਰੂਰ ਲਹਿਰਾਉਣ ਅਤੇ ਇਸਦੇ ਨਾਲ ਹੀ ਆਪਣੇ ਘਰਾਂ ਦੇ ਬਾਹਰ ਦੀਵੇ ਜਗਾ ਕੇ ਦੀਪਮਾਲਾ ਕੀਤੀ ਜਾਵੇ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਾਮ ਦਿਹਾੜੇ ਨੂੰ ਸਮਰਪਿਤ ਜ਼ਿਲੇ ਦੀਆਂ ਇਤਿਹਾਸਕ ਇਮਾਰਤਾਂ ਵੀ ਰੁਸ਼ਨਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਸਮੇਤ ਸਾਰੀਆਂ ਸਬ ਡਵੀਜ਼ਨਾਂ ਵਿੱਚ ਸ਼ਾਮ ਨੂੰ 7:00 ਵਜੇ ਕੈਂਡਲ ਲਾਈਟ ਮਾਰਚ ਕੀਤੇ ਜਾਣਗੇ, ਜਿਸ ਵਿੱਚ ਨੌਜਵਾਨਾਂ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵੀ ਦੱਸਿਆ ਜਾਵੇਗਾ। ਇਸ ਤੋਂ ਇਲਾਵਾ ਸਾਰੇ ਸਕੂਲਾਂ ਦੇ ਸਮਾਰਟ ਕਲਾਸ ਰੂਮਸ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੰਦੇਸ਼ ਵੀ ਸੁਣਾਇਆ ਜਾਵੇਗਾ।

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜ਼ਾਦੀ ਸੰਗਰਾਮ ਦੇ ਮਹਾਨ ਯੋਧੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਉਣਾ ਸਾਡਾ ਫਰਜ ਹੈ ਅਤੇ ਸਾਨੂੰ ਆਪਣੇ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੀ ਸੋਚ ਦਾ ਭਾਰਤ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

Exit mobile version