ਗੁਰਦਾਸਪੁਰ ਪੰਜਾਬ

ਖੇਤੀਬਾੜੀ ਵਿਭਾਗ ਵੱਲੋਂ 1 ਅਕਤੂਬਰ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਖੇਤੀਬਾੜੀ ਵਿਭਾਗ ਵੱਲੋਂ 1 ਅਕਤੂਬਰ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ
  • PublishedSeptember 28, 2022

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ

ਗੁਰਦਾਸਪੁਰ, 28 ਸਤੰਬਰ ( ਮੰਨਣ ਸੈਣੀ) । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਇੱਕ ਅਕਤੂਬਰ ਨੂੰ ਧਾਰੀਵਾਲ ਦੀ ਦਾਣਾ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਮੇਲਾ ਸਵੇਰੇ 10 ਵਜੇ ਸ਼ੁਰੂ ਹੋਵੇਗਾ ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦੋਂ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ।

ਡਾ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਫ਼ਸਲਾਂ ਦੀ ਕਾਸ਼ਤ ਸਬੰਧੀ ਵਿਗਿਆਨਕ ਜਾਣਕਾਰੀ ਦਿੱਤੀ ਜਾਵੇਗੀ ਜਦੋਂ ਕਿ ਖੇਤੀ ਨਾਲ ਸਬੰਧਤ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਮੁੱਚੇ ਜ਼ਿਲ੍ਹੇ ਵਿੱਚੋਂ ਕਿਸਾਨਾਂ ਨੂੰ ਮੇਲੇ ਵਿੱਚ ਪਹੁੰਚਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਮੇਲੇ ਵਿੱਚ ਜ਼ਰੂਰ ਪਹੁੰਚਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਖੇਤੀ ਸਬੰਧੀ ਨਵੀਆਂ ਤਕਨੀਕਾਂ ਦੀ ਜਾਣਕਾਰੀ ਮਿਲ ਸਕੇ।    

Written By
The Punjab Wire