ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ

ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਕੈਂਡਿਲ ਲਾਈਟ ਮਾਰਚ ਦਾ ਆਯੋਜਿਨ

ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਕੈਂਡਿਲ ਲਾਈਟ ਮਾਰਚ ਦਾ ਆਯੋਜਿਨ
  • PublishedSeptember 28, 2022

ਗੁਰਦਾਸਪੁਰ, 28 ਸਤੰਬਰ ( ਮੰਨਣ ਸੈਣੀ )। ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸ਼ਾਮ 7 ਵਜੇ ਸਥਾਨਕ ਪੰਚਾਇਤ ਭਵਨ ਤੋਂ ਜਹਾਜ ਚੌਂਕ ਤੱਕ ਕੈਂਡਿਲ ਲਾਈਟ ਮਾਰਚ ਦਾ ਆਯੋਜਿਨ ਕੀਤਾ ਗਿਆ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅਰੁਨ ਕੁਮਾਰ, ਤਹਿਸੀਲਦਾਰ ਸ੍ਰੀ ਜਗਤਾਰ ਸਿੰਘ ਸਮੇਤ ਸਮੂਹ ਜ਼ਿਲ੍ਹਾ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਜਿਨ੍ਹਾਂ ਵਿੱਚ ਆਮ ਆਦਮੀ ਪਾਾਰਟੀ ਦੇ ਜ਼ਿਲ੍ਹਾ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਇਸ ਕੈਂਡਿਲ ਮਾਰਚ ਵਿੱਚ ਹਿੱਸਾ ਲਿਆ।

ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦ ਕਰਵਾਉਣ ਵਿੱਚ ਸ਼ਹੀਦ ਭਗਤ ਸਿੰਘ ਅਤੇ ਉਸਦੇ ਸਾਥੀਆਂ ਦਾ ਅਹਿਮ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਸਾਡਾ ਇਹ ਇਖਲਾਕੀ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਯੋਗਦਾਨ ਪਾਈਏ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮਾਂ ਲਈ ਅਧਿਕਾਰੀਆਂ ਦਾ ਧੰਨਵਾਦ ਕੀਤਾ।

Written By
The Punjab Wire