ਨਾਗਰਿਕ ਸੇਵਾਵਾਂ ਮੁਹੱਈਆ ਕਰਨ ਵਾਲੇ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਹੀ ਲਿਆ ਜਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 29 ਸਤੰਬਰ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਸਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਵੈ-ਘੋਸ਼ਣਾ ਦੀ ਸਹੂਲਤ ਦੇਣ ਦੇ ਬਾਵਜੂਦ ਅਜੇ ਵੀ ਸੇਵਾ ਕੇਂਦਰਾਂ ਵਿੱਚ ਹਲਫਨਾਮੇ ਲਈ ਲੋਕਾਂ ਨੂੰ ਆਉਣਾ ਪੈਂਦਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਰਬਾਦੀ ਹੋ ਰਹੀ  ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੁਧਾਰਾਂ ਤਹਿਤ ਪਹਿਲਾਂ ਹੀ ਤਸਦੀਕਸ਼ੁਦਾ ਹਲਫਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੀਖਿਆ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਅਤੇ ਅਜੇ ਵੀ ਕੁਝ ਵਿਅਕਤੀ ਸੇਵਾ ਕੇਂਦਰਾਂ ਵਿੱਚ ਸਵੈ-ਘੋਸ਼ਣਾ ਦੀਆਂ ਹਦਾਇਤਾਂ ਦੇ ਬਾਵਜੂਦ ਵੀ ਹਲਫਨਾਮੇ ਤਸਦੀਕ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਅਧਿਕਾਰੀ ਨੂੰ ਹਦਾਇਤ ਕੀਤੀ ਹੈ ਕਿ ਉਹ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਵਾਲੇ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਯਕੀਨੀ ਬਣਾਉਣ।

Exit mobile version