ਪੰਜਾਬ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿੱਚ ਲੋਕ ਹਿਤੈਸ਼ੀ ਫੈਸਲੇ ਲੈ ਕੇ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ – ਚੇਅਰਮੈਨ ਰਮਨ ਬਹਿਲ
ਗੁਰਦਾਸਪੁਰ, 2 ਅਕਤੂਬਰ ( ਮੰਨਣ ਸੈਣੀ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਪਿੰਡ ਮਾਨ ਕੌਰ ਸਿੰਘ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਦੇ ਰਹਿੰਦੇ ਇਲਾਕਿਆਂ ਵਿੱਚ 11 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਇਆ ਜਾ ਰਿਹਾ ਹੈ, ਜਿਸ ਵਿੱਚ ਮਾਨ ਕੌਰ ਸਿੰਘ ਦੇ ਇਲਾਕੇ ਨੂੰ 100 ਫੀਸਦੀ ਸੀਵਰੇਜ ਨਾਲ ਜੋੜਨ ਲਈ 30 ਲੱਖ ਰੁਪਏ ਖਰਚੇ ਜਾ ਰਹੇ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਸੀਵਰੇਜ ਪਾਉਣ ਸਮੇਂ ਕੰਮ ਦੀ ਕੁਆਲਿਟੀ ਦਾ ਪੂਰਾ ਖਿਆਲ ਰੱਖਿਆ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਕੰਮ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
ਭਗਵੰਤ ਮਾਨ ਸਰਕਾਰ ਦੀ ਪਿਛਲੇ ਛੇ ਮਹੀਨੇ ਦੀ ਕਾਰਗੁਜ਼ਾਰੀ ਦਾ ਜਿਕਰ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਦਾ ਪ੍ਰਤੀ ਮਹੀਨਾ 300 ਯੂਨਿਟ ਮੁਆਫ਼ ਕਰਕੇ ਗਰੀਬ ਤੇ ਮੱਧ ਵਰਗ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ ਅਤੇ ਹੁਣ ਲੱਖਾਂ ਖਪਤਕਾਰਾਂ ਦਾ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 26000 ਸਰਕਾਰੀ ਨੌਂਕਰੀਆਂ ਕੱਢੀਆਂ ਗਈਆਂ ਹਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁੰਦਨ ਕੁਮਾਰ, ਸੰਦੀਪ ਕੁਮਾਰ ਗੱਬਰ, ਨਿਰਮਲ ਸਿੰਘ ਮਾਨ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਮਾਸਟਰ ਸੁਖਜਿੰਦਰ ਸਿੰਘ, ਮੈਡਮ ਸਤਪਾਲ ਕੌਰ, ਅਜੀਤ ਮਸੀਹ, ਮਨਦੀਪ ਕੌਰ, ਅਮਨਦੀਪ ਕੌਰ ਤੋਂ ਇਲਾਵਾ ਸੀਵਰੇਜ ਬੋਰਡ ਦੇ ਐਕਸੀਅਨ, ਐੱਸ.ਡੀ.ਓ. ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ।