ਪਰਾਲੀ ਦੀ ਅੱਗ ਨੂੰ ਰੋਕਣ ਲਈ ਗੁਰਦਾਸਪੁਰ ਤੇ ਬਟਾਲਾ ’ਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ
ਗੁਰਦਾਸਪੁਰ, 11 ਅਕਤੂਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹਮੰਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਸਬੰਧੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜਿਹੜੇ ਕਿਸਾਨ ਹਦਾਇਤਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਉਣਗੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਮਾਲ ਵਿਭਾਗ ਵੱਲੋਂ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ। ਬੀਤੇ ਕੱਲ ਜ਼ਿਲ੍ਹੇ ਦੇ 6 ਕਿਸਾਨਾਂ ਜਿਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਈ ਸੀ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ਼ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਵਾਲੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰੀ ਸਰਕਾਰੀ ਯੋਜਨਾਵਾਂ ਦਾ ਭਵਿੱਖ ਵਿਚ ਕੋਈ ਲਾਭ ਨਹੀਂ ਦਿੱਤਾ ਜਾਵੇਗਾ। ਇਸਦੇ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਪਾਸਪੋਰਟ ਦੀ ਵੈਰੀਫਿਕੇਸ਼ਨ ਨਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਅਸਲੇ ਦਾ ਲਾਈਸੈਂਸ ਵੀ ਜਾਰੀ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਦੋ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜੋ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾ ਕੰਟਰੋਲ ਰੂਮ ਗੁਰਦਾਸਪੁਰ ਵਿਖੇ ਸਥਾਪਤ ਕੀਤਾ ਗਿਆ ਹੈ ਜਿਸਦਾ ਨੰਬਰ 01874-292740 ਹੈ। ਇਸ ਕੰਟਰੋਲ ਰੂਮ ਨਾਲ ਗੁਰਦਾਸਪੁਰ, ਕਾਹਨੂੰਵਾਨ, ਦੀਨਾਨਗਰ, ਧਾਰੀਵਾਲ ਅਤੇ ਕਲਾਨੌਰ ਬਲਾਕਾਂ ਦੇ ਕਿਸਾਨ, ਸਰਪੰਚ, ਨੰਬਰਦਾਰ ਅਤੇ ਆਮ ਨਾਗਰਿਕ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੂਚਨਾ ਦੇਣਗੇ।
ਦੂਜਾ ਕੰਟਰੋਲ ਰੂਮ ਬਟਾਲਾ ਵਿਖੇ ਕੰਮ ਕਰ ਰਿਹਾ ਹੈ ਜਿਸਦਾ ਨੰਬਰ 01871-226033 ਹੈ। ਇਸ ਕੰਟਰੋਲ ਰੂਮ ਨਾਲ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ, ਫ਼ਤਹਿਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਬਲਾਕਾਂ ਨਾਲ ਸਬੰਧਤ ਪਰਾਲੀ ਨੂੰ ਅੱਗ ਦੀਆਂ ਘਟਨਾਵਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ 112 ਨੰਬਰ ’ਤੇ ਵੀ ਸੂਚਿਤ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁੱਲ ਨਾ ਲਗਾਉਣ।