ਪਾਣੀਆਂ ਦੇ ਮੁੱਦੇ ‘ਤੇ ਆਪਣਾ ਸਟੈਂਡ ਸਪਸ਼ਟ ਕਰਨ ਭਗਵੰਤ ਮਾਨ-ਯਾਦਵਿੰਦਰ ਸਿੰਘ ਬੁੱਟਰ

Yadwinder Butter

ਗੁਰਦਾਸਪੁਰ 12 ਅਕਤੂਬਰ ( ਮੰਨਣ ਸੈਣੀ)। ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋ ਰਹੀ ਮੀਟਿੰਗ ਦੇ ਸਬੰਧ ਵਿਚ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਰਜਕਾਰਨੀ ਦੇ ਮੈਂਬਰ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਪਹਿਲਾਂ ਹੀ ਪੰਜਾਬ ਨਾਲ ਕਈ ਮਾਮਲਿਆਂ ਵਿਚ ਬਹੁਤ ਧੱਕਾ ਹੋ ਚੁੱਕਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਦਫਤਰ ਨੂੰ ਇਸ ਮੁੱਦੇ ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਬੁੱਟਰ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਹਮੇਸ਼ਾ ਪੰਜਾਬ ਅਤੇ ਹਰਿਆਣੇ ਨਾਲ ਸਬੰਧਿਤ ਮੁੱਦਿਆਂ ‘ਤੇ ਦੋਗਲੀ ਨੀਤੀ ਅਪਣਾਉਂਦੇ ਰਹੇ ਹਨ ਅਤੇ ਅਜੇ ਤੱਕ ਵੀ ਉਨ੍ਹਾਂ ਨੇ ਪਾਣੀ ਦੇ ਮੁੱਦੇ ਤੇ ਆਪਣਾ ਕੋਈ ਸਟੈਂਡ ਸਪਸ਼ਟ ਨਹੀਂ ਕੀਤਾ। ਉਨ੍ਹਾਂ ਦੇ ਮਗਰ ਲੱਗ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮਾਮਲੇ ਵਿਚ ਆਪਣਾ ਸਟੈਂਡ ਸਪੱਸ਼ਟ ਨਹੀਂ ਕਰ ਰਹੇ ਅਤੇ ਉਨ੍ਹਾਂ ਦੀ ਪਾਰਟੀ ਨੇ ਵੀ ਇਸ ਮਾਮਲੇ ਵਿੱਚ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਹਰਿਆਣੇ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਮੀਟਿੰਗ ਵਿੱਚ ਜਾਣ ਤੋਂ ਪਹਿਲਾਂ ਆਪਣਾ ਸਟੈਂਡ ਸਪੱਸ਼ਟ ਕਰਨ ਤਾਂ ਜੋ ਪੰਜਾਬ ਵਾਸੀਆਂ ਨੂੰ ਵੀ ਪਤਾ ਲੱਗ ਸਕੇ ਕਿ ਪੰਜਾਬ ਦੇ ਗੰਭੀਰ ਮੁੱਦੇ ਪ੍ਰਤੀ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਾਰਟੀ ਦੀ ਕੀ ਸੋਚ ਹੈ।

ਬੁੱਟਰ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਗੰਭੀਰ ਮੁੱਦੇ ਵਿਚ ਨਿੱਜੀ ਦਖਲ ਦੇ ਕੇ ਇਸ ਨੂੰ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਨਾਲ ਬਹੁਤ ਧੱਕੇਸ਼ਾਹੀ ਅਤੇ ਵਿਤਕਰਾ ਕੀਤਾ ਹੈ ਅਤੇ ਹੁਣ ਪੰਜਾਬੀ ਦੇਸ਼ ਦੇ ਲੋਕਾਂ ਨੂੰ ਇਹ ਉਮੀਦ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਇਨਸਾਫ ਕਰੇਗੀ ਅਤੇ ਉਨ੍ਹਾਂ ਨਾਲ ਕੋਈ ਵਿਤਕਰਾ ਜਾਂ ਧੱਕੇਸ਼ਾਹੀ ਨਹੀਂ ਹੋਣ ਦੇਵੇਗੀ। ਉਨ੍ਹਾਂ ਮੁੱਖ ਮੰਤਰੀ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਪਹਿਲਾਂ ਪੰਜਾਬ ਦੇ ਮਸਲੇ ਹੱਲ ਕੀਤੇ ਹਨ ਅਤੇ ਮੰਗਾਂ ਪੂਰੀਆਂ ਕੀਤੀਆਂ ਹਨ ਉਸੇ ਤਰ੍ਹਾਂ ਇਹ ਮੰਗ ਵੀ ਪੂਰੀ ਕੀਤੀ ਜਾਵੇ।

Exit mobile version