ਗੁਰਦਾਸਪੁਰ, 14 ਅਕਤੂਬਰ ( ਮੰਨਣ ਸੈਣੀ ) । ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਹੈ ਕਿ ਐੱਸ.ਵਾਈ.ਐੱਲ ਨਹਿਰ ਦੇ ਮੁੱਦੇ ’ਤੇ ਪੰਜਾਬ ਸਰਕਾਰ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਅਤੇ ਪੰਜਾਬ ਕੋਲ ਕਿਸੇ ਦੂਜੇ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਵੀ ਬੂੰਦ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਸੂਬੇ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਖੁਦ ਇਸ ਸਮੇਂ ਪਾਣੀ ਦੇ ਡੂੰਘੇ ਸੰਕਟ ਵਿਚੋਂ ਗੁਜ਼ਰ ਰਿਹਾ ਹੈ ਅਤੇ ਪੰਜਾਬ ਦੇ ਬਹੁਤ ਸਾਰੇ ਬਲਾਕਾਂ ’ਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਥੱਲੇ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਆਪਣੇ ਖੇਤਾਂ ਦੀ ਸਿੰਚਾਈ ਲਈ ਦਰਿਆਈ ਪਾਣੀ ਪੂਰਾ ਨਹੀਂ ਹੈ ਅਜਿਹੇ ਵਿੱਚ ਹਰਿਆਣਾ ਨੂੰ ਕਿਵੇਂ ਪਾਣੀ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕਮੁਠ ਹੈ ਅਤੇ ਪੰਜਾਬ ਦੇ ਪਾਣੀਆਂ ਅਤੇ ਇਸਦੇ ਹਿੱਤਾਂ ਤੇ ਹੱਕਾਂ ਦੀ ਪੂਰੀ ਤਰਾਂ ਰਾਖੀ ਕੀਤੀ ਜਾਵੇਗੀ।