ਹੋਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਨੇ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਜ਼ਿਲ੍ਹੇ ਨੂੰ ਦੋ ਸੈਕਟਰਾਂ ਵਿੱਚ ਵੰਡ ਕੇ ਨੋਡਲ ਅਫ਼ਸਰ ਨਿਯੁਕਤ ਕੀਤੇ

ਡਿਪਟੀ ਕਮਿਸ਼ਨਰ ਨੇ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਜ਼ਿਲ੍ਹੇ ਨੂੰ ਦੋ ਸੈਕਟਰਾਂ ਵਿੱਚ ਵੰਡ ਕੇ ਨੋਡਲ ਅਫ਼ਸਰ ਨਿਯੁਕਤ ਕੀਤੇ
  • PublishedOctober 21, 2022

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਨੋਡਲ ਅਫ਼ਸਰਾਂ ਦੇ ਅਧੀਨ ਕਾਨੂੰਗੋ ਪੱਧਰ ’ਤੇ ਵੀ ਮੋਨੀਟਰਿੰਗ ਟੀਮਾਂ ਦਾ ਗਠਨ ਕੀਤਾ

ਗੁਰਦਾਸਪੁਰ, 21 ਅਕਤੂਬਰ ( ਮੰਨਣ ਸੈਣੀ ) । ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਨੂੰ ਦੋ ਸੈਕਟਰਾਂ ਵਿੱਚ ਵੰਡ ਕੇ ਦੋ ਨੋਡਲ ਅਫ਼ਸਰਾਂ ਦੀ ਤਾਇਨਾਤੀ ਕਰ ਦਿੱਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਕਟਰ ਨੰਬਰ ਇੱਕ ਵਿੱਚ ਬਲਾਕ ਧਾਰੀਵਾਲ, ਗੁਰਦਾਸਪੁਰ, ਦੀਨਾਨਗਰ, ਕਲਾਨੌਰ ਅਤੇ ਕਾਹਨੂੰਵਾਨ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਸੈਕਟਰ ਦਾ ਇੰਚਾਰਜ ਮੁੱਖ ਖੇਤੀਬਾੜੀ ਅਧਿਕਾਰੀ ਗੁਰਦਾਸਪੁਰ ਡਾ. ਕੰਵਲਪ੍ਰੀਤ ਸਿੰਘ ਨੂੰ ਲਗਾਇਆ ਗਿਆ ਹੈ। ਦੂਸਰੇ ਸੈਕਟਰ ਵਿੱਚ ਬਲਾਕ ਬਟਾਲਾ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ, ਫ਼ਤਹਿਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਸ਼ਾਮਲ ਕੀਤੇ ਗਏ ਹਨ ਅਤੇ ਇਸ ਸੈਕਟਰ ਦਾ ਨੋਡਲ ਅਫ਼ਸਰ ਰਾਜੇਸ਼ ਕੁਮਾਰ, ਐਕਸੀਅਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਨੋਡਲ ਅਫ਼ਸਰਾਂ ਦੇ ਅਧੀਨ ਕਾਨੂੰਗੋ ਪੱਧਰ ’ਤੇ ਮੋਨੀਟਰਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਮਾਲ ਵਿਭਾਗ, ਪੰਚਾਇਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਲਗਾਏ ਗਏ ਹਨ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਨਿਯੁਕਤ ਕੀਤੇ ਅਮਲੇ ਨੂੰ ਹਦਾਇਤ ਕੀਤੀ ਹੈ ਉਹ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਅਤੇ ਨਾਲ ਹੀ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਸਟੱਬਲ ਬਰਨਿੰਗ ਦੀ ਡਿਊਟੀ ਵਿੱਚ ਲੱਗੇ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Written By
The Punjab Wire