ਨਵੰਬਰ ਮਹੀਨੇ ਬਟਾਲਾ ਸ਼ਹਿਰ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ
ਗੁਰਦਾਸਪੁਰ, 27 ਅਕਤੂਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਇਤਿਹਾਸਕ ਮਹੱਤਤਾ ਵਾਲੀਆਂ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਦੀ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਦੁਨੀਆਂ ਦੇ ਸਾਹਮਣੇ ਉਜਾਗਰ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਅੱਜ ਆਪਣੇ ਦਫ਼ਤਰ ਵਿੱਚ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਾਪਰੀਆਂ ਪ੍ਰਮੁੱਖ ਇਤਿਹਾਸਕ ਘਟਨਾਵਾਂ ਅਤੇ ਹੋਰ ਪ੍ਰਮੁੱਖ ਦਿਹਾੜਿਆਂ ਨੂੰ ਮਨਾਉਣ ਲਈ ਇੱਕ ਕੈਲੰਡਰ ਤਿਆਰ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਉਸ ਮੁਤਾਬਕ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਨਵੰਬਰ ਮਹੀਨੇ ਵਿੱਚ ਬਟਾਲਾ ਸ਼ਹਿਰ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਲਾਨੌਰ ਸਥਿਤ ਤਖ਼ਤ-ਏ-ਅਕਬਰੀ ਨੂੰ ਜਾਂਦੇ ਰਸਤੇ ਨੂੰ ਚੌੜਾ ਕੀਤਾ ਜਾਵੇਗਾ ਤਾਂ ਜੋ ਯਾਤਰੂ ਅਸਾਨੀ ਨਾਲ ਇਸ ਇਤਿਹਾਸਕ ਸਥਾਨ ਤੱਕ ਪਹੁੰਚ ਸਕਣ। ਇਸੇ ਤਰਾਂ ਗੁਰਦਾਸਪੁਰ ਤੋਂ ਕੇਸ਼ੋਪੁਰ ਤੱਕ ਸੜਕ ਨੂੰ ਵੀ ਚੌੜਿਆਂ ਕਰਨ ਦੀ ਤਜਵੀਜ ਰਾਜ ਸਰਕਾਰ ਨੂੰ ਭੇਜੀ ਗਈ ਹੈ। ਇਸ ਦੌਰਾਨ ਸ੍ਰੀ ਹਰਗੋਬਿੰਦਪੁਰ, ਡੇਰਾ ਬਾਬਾ ਨਾਨਕ, ਦੀਨਾਨਗਰ, ਫ਼ਤਹਿਗੜ੍ਹ ਚੂੜੀਆਂ, ਬਟਾਲਾ ਸਮੇਤ ਹੋਰ ਸ਼ਹਿਰਾਂ ਦੇ ਇਤਿਹਾਸਕ ਸਥਾਨਾਂ ਦੀ ਸਾਂਭ-ਸੰਭਾਲ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਦੇ ਰੱਖ-ਰਖਾਵ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਰਕ ਵਿੱਚ ਇੱਕ ਸ਼ਹੀਦੀ ਗੈਲਰੀ ਸਥਾਪਤ ਕੀਤੀ ਜਾ ਰਹੀ ਹੈ ਜਿਸ ਵਿੱਚ ਛੋਟਾ ਘੱਲੂਘਾਰਾ ਦੀ ਘਟਨਾ ਨਾਲ ਸਬੰਧਤ ਚਿੱਤਰ ਲਗਾਏ ਜਾਣਗੇ। ਇਸਤੋਂ ਇਲਾਵਾ ਇਥੇ ਇੱਕ ਵਿਸ਼ੇਸ਼ ਗੈਲਰੀ ਜ਼ਿਲ੍ਹਾ ਗੁਰਦਾਸਪੁਰ ਦੇ ਹੋਏ ਸ਼ਹੀਦਾਂ ਨੂੰ ਵੀ ਸਮਰਪਿਤ ਕੀਤੀ ਗਈ ਹੈ। ਇਸਤੋਂ ਇਲਾਵਾ ਇਥੇ ਇੱਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ ਜਿਸ ਵਿੱਚ ਇਤਿਹਾਸ ਨਾਲ ਸਬੰਧਤ ਕਿਤਾਬਾਂ ਰੱਖੀਆਂ ਗਈਆਂ ਹਨ। ਮੀਟਿੰਗ ਦੌਰਾਨ ਇਸ ਸਮਾਰਕ ਦੀ ਖੂਬਸੂਰਤੀ ਵਿੱਚ ਵਾਧਾ ਕਰਨ ਲਈ ਨਵੀਂਆਂ ਲਾਈਟਾਂ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ।
ਮੀਟਿੰਗ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰ ਪਾਲ ਸਿੰਘ ਸੰਧੂ, ਡੀ.ਡੀ.ਪੀ.ਓ. ਸੰਦੀਪ ਮਲਹੋਤਰਾ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾਂ ਸਮੇਤ ਹੋਰ ਅਧਿਕਾਰੀ ਤੇ ਸੁਸਾਇਟੀ ਮੈਂਬਰ ਹਾਜ਼ਰ ਸਨ।