ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਗੁਰਦਾਸਪੁਰ, 31 ਅਕਤੂਬਰ ( ਮੰਨਣ ਸੈਣੀ)। ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ’ਤੇ ਅਮਲ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਖੁਦ ਇਸ ਜਾਗਰੂਕਤਾ ਅਭਿਆਨ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਹਰ ਪਿੰਡ ਤੇ ਖੇਤ ਤੱਕ ਪਹੁੰਚ ਕਰ ਰਹੀਆਂ ਹਨ। ਇਹ ਨਿਗਰਾਨ ਟੀਮਾਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਖੇਤਾਂ ਵਿੱਚ ਅੱਗ ਨੂੰ ਬੁਝਾਉਣ ਲਈ ਤੁਰੰਤ ਕਾਰਵਾਈ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਅੱਗ ਨੂੰ ਰੋਕਣ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਹਰ ਪਿੰਡ ਜਾ ਕੇ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਸਮਝਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਥੋਂ ਵੀ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਦੀ ਹੈ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਫਾਇਰ ਬ੍ਰਿਗੇਡ ਦੀ ਮਦਦ ਨਾਲ ਉਸ ਖੇਤ ਦੀ ਅੱਗ ਨੂੰ ਬੁਝਾਇਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਨਾਲ ਝੋਨੇ ਦੀ ਪਰਾਲੀ ਨੂੰ ਅਸਾਨੀ ਨਾਲ ਸੰਭਾਲਿਆ ਜਾ ਸਕਦਾ ਹੈ ਅਤੇ ਬਿਨ੍ਹਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਦੀ ਸਲਾਹ ਤੇ ਮਦਦ ਲਈ ਜਾ ਸਕਦੀ ਹੈ। ਇਸਦੇ ਨਾਲ ਹੀ ਉਨ੍ਹਾਂ ਪਰਾਲੀ ਦੀ ਅੱਗ ਨੂੰ ਰੋਕਣ ਵਿੱਚ ਲੱਗੇ ਸਾਰੇ ਅਧਿਕਾਰੀਆਂ ਤੇ ਕਮਰਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਇਲਾਕੇ ਵਿੱਚ ਪਰਾਲੀ ਦੀ ਅੱਗ ਨੂੰ ਰੋਕਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਅਣਗਿਹਲੀ ਜਾਂ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।