ਦੀਨਾਨਾਗਰ/ਗੁਰਦਾਸਪੁਰ, 7 ਨਵੰਬਰ ( ਮੰਨਣ ਸੈਣੀ ) । ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਮਿਤੀ 31 ਅਕਤੂਬਰ ਤੋਂ 12 ਨਵੰਬਰ 2022 ਤੱਕ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ 9 ਨਵੰਬਰ ਨੂੰ ਸਵੇਰੇ 10 ਵਜੇ ਐੱਸ.ਐੱਸ.ਐੱਮ. ਕਾਲਜ, ਦੀਨਾਨਗਰ ਵਿਖੇ ਮੈਗਾ ਲੀਗਲ ਕੈਂਪ ਲਗਾਇਆ ਜਾਵੇਗਾ।
ਇਸ ਮੈਗਾ ਲੀਗਲ ਕੈਂਪ ਦੌਰਾਨ ਜਿਥੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਤੇ ਫਰਜਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਓਥੇ ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਆਪਣੇ ਵਿਭਾਗ ਦੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਕੈਂਪ ਦੀਆਂ ਤਿਆਰੀਆਂ ਸਬੰਧੀ ਅੱਜ ਦੀਨਾਨਗਰ ਵਿਖੇ ਅਧਿਕਾਰੀਆਂ ਵੱਲੋਂ ਮੀਟਿੰਗ ਕੀਤੀ ਗਈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਨੇ ਦੀਨਾਨਗਰ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੈਗਾ ਲੀਗਲ ਕੈਂਪ ਵਿੱਚ ਹਾਜ਼ਰੀ ਭਰ ਕੇ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਵੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰਾਂ ਅਤੇ ਹਰ ਘਰ ਦਸਤਕ ਦੇ ਕੇ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ।