ਖੇਤੀਬਾੜੀ ਵਿਭਾਗ ਦੇ ਕੰਮਕਾਜ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦਾ ਲਿਆ ਜਾਇਜ਼ਾ
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਕਾਰਨ ਸਟਾਫ਼ ਦੀ ਕੀਤੀ ਸ਼ਲਾਘਾ
ਗੁਰਦਾਸਪੁਰ, 11 ਨਵੰਬਰ ( ਮੰਨਣ ਸੈਣੀ ) । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਅਵਤਾਰ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਜਾਪੂਵਾਲ ਵਿਖੇ ਜਾ ਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਖੇਤੀਬਾੜੀ ਵਿਭਾਗ ਦੀ ਸਮੁੱਚੀ ਟੀਮ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਫ਼ਸਲ ਦੀ ਬਿਜਾਈ ਸਬੰਧੀ ਸੁਚੱਜੀ ਜਾਣਕਾਰੀ ਦੇਣ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੰਵਲਪ੍ਰੀਤ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਸੰਜੀਵ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਜਾਇੰਟ ਡਾਇਰੈਕਟਰ ਡਾ. ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾਡ਼ੀ ਵਿਭਾਗ ਨੇ ਖੇਤਾਂ ਵਿੱਚ ਰਹਿੰਦ ਖੂੰਹਦ ਦੀ ਅੱਗ ਨੂੰ ਰੋਕਣ ਲਈ ਬਹੁਤ ਵੱਡੇ ਪੱਧਰ ਤੇ ਉਪਰਾਲੇ ਕੀਤੇ ਹਨ। ਇਸ ਤਹਿਤ ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ ਅਤੇ ਨਾਲ ਹੀ ਪਿੰਡਾਂ ਵਿੱਚ ਅਨਾਊਂਸਮੈਂਟਾਂ ਕਰਾਉਣ ਦੇ ਨਾਲ-ਨਾਲ ਵਾਲ ਪੇਟਿੰਗਾਂ ਵੀ ਕਰਵਾਈਆਂ ਗਈਆਂ। ਹਰੇਕ ਬਲਾਕ ਦੇ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਵੀ ਕੈਂਪ ਲਗਾ ਕੇ ਬੱਚਿਆਂ ਰਾਹੀਂ ਵੀ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਘਰ ਘਰ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕੀਤੇ ਜਾਣ ਦੇ ਨਤੀਜੇ ਵਜੋਂ ਹੀ ਇਸ ਸਾਲ ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤਾਂ ਵਿੱਚ ਅੱਗ ਲਗਾਉਣ ਦੇ ਮਾਮਲਿਆਂ ਵਿੱਚ 45 ਤੋਂ 50 ਫ਼ੀਸਦੀ ਗਿਰਾਵਟ ਆਈ ਹੈ।
ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਵਿਭਾਗ ਦੀ ਟੀਮ ਨੇ ਸਖ਼ਤ ਮਿਹਨਤ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਹੈ ਅਤੇ ਨਾਲ ਹੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ ਤੀਹ ਹਜ਼ਾਰ ਏਕੜ ਰਕਬੇ ਵਿੱਚੋਂ ਪਰਾਲੀ ਇਕੱਤਰ ਕਰਕੇ ਬੇਲਰ ਮਸ਼ੀਨਾਂ ਨਾਲ ਗੱਠਾਂ ਬਣਾਈਆਂ ਗਈਆਂ ਹਨ ਜਿਸ ਕਾਰਨ ਕਿਸਾਨਾਂ ਨੂੰ ਪਰਾਲੀ ਸਾਂਭਣ ਵਿੱਚ ਹੋਰ ਵੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਇਹ ਮੁਹਿੰਮ ਹੋਰ ਵੀ ਸਫ਼ਲ ਬਣੇਗੀ।