ਗੁਰਦਾਸਪੁਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਵਿਵਾਦਿਤ ਬਿਆਨ ਨੂੰ ਲੈ ਕੇ ਸਿੱਖ ਜਥੇਬੰਦੀਆਂ ‘ਚ ਗੁੱਸਾ, ਐੱਸਐੱਸਪੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ, ਸ਼ਿਵ ਸੈਨਾ ਨੇ ਦਿਖਾਇਆ ਹਰਵਿੰਦਰ ਸੋਨੀ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ

ਵਿਵਾਦਿਤ ਬਿਆਨ ਨੂੰ ਲੈ ਕੇ ਸਿੱਖ ਜਥੇਬੰਦੀਆਂ ‘ਚ ਗੁੱਸਾ, ਐੱਸਐੱਸਪੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ,  ਸ਼ਿਵ ਸੈਨਾ ਨੇ ਦਿਖਾਇਆ ਹਰਵਿੰਦਰ ਸੋਨੀ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ
  • PublishedNovember 15, 2022

ਗੁਰਦਾਸਪੁਰ, 15 ਨਵੰਬਰ (ਮੰਨਣ ਸੈਣੀ)। ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸੋਨੀ ਵੱਲੋਂ ਵਿਵਾਦਤ ਬਿਆਨ ਦੇਣ ਕਾਰਨ ਸਿੱਖ ਜਥੇਬੰਦੀਆਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਮੰਗਲਵਾਰ ਸਵੇਰੇ 10 ਵਜੇ ਐਸਐਸਪੀ ਦਫ਼ਤਰ ਗੁਰਦਾਸਪੁਰ ਦੇ ਬਾਹਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਸੋਨੀ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਦੂਜੇ ਪਾਸੇ ਸ਼ਾਮ ਨੂੰ ਖ਼ਬਰ ਲਿਖੇ ਜਾਣ ਤੱਕ ਸਿੱਖ ਜਥੇਬੰਦੀਆਂ ਦਾ ਧਰਨਾ ਜਾਰੀ ਸੀ। ਇਸ ਦੌਰਾਨ ਐਸਐਸਪੀ ਦੀਪਕ ਹਿਲੋਰੀ ਨੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਪਰ ਜਥੇਬੰਦੀਆਂ ਦੇ ਨੁਮਾਇੰਦੇ ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਹੋਏ ਹਨ।

ਉਧਕ ਦੂਜੇ ਪਾਸੇ ਸ਼ਿਵ ਸੈਨਾ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਵੱਲੋਂ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਪਾਰਟੀ ਦੇ ਕੌਮੀ ਪ੍ਰਧਾਨ ਊਧਵ ਠਾਕਰੇ ਅਤੇ ਯੁਵਾ ਸੈਨਾ ਦੇ ਕੌਮੀ ਪ੍ਰਧਾਨ ਆਦਿਤਿਆ ਠਾਕਰੇ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਾਰਟੀ ਦੇ ਕੌਮੀ ਸਕੱਤਰ ਤੇ ਸੂਬਾਈ ਐਮ.ਪੀ. ਅਨਿਲ ਦੇਸਾਈ, ਹਰਵਿੰਦਰ ਸਿੰਘ ਸੋਨੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਦ ਪੰਜਾਬ ਵਾਇਰ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਦੱਸਿਆ ਕਿ ਸੋਨੀ ਕੋਲ ਪਹਿਲ੍ਹਾਂ ਵੀ ਕੋਈ ਔਹਦਾ ਨਹੀਂ ਸੀ ਅਤੇ ਉਨ੍ਹਾਂ ਵੱਲੋਂ ਪਾਰਟੀ ਹਾਈਕਮਾਨ ਨੂੰ ਪੂਰੀ ਸਥਿਤੀ ਤੋਂ ਜਾਨੂੰ ਕਰਵਾਇਆ ਗਿਆ ਜਿਸ ਤੋਂ ਬਾਅਦ ਪਾਰਟੀ ਆਲਾਕਮਾਨ ਦੇ ਨਿਰਦੇਸ਼ਾ ਤੇ ਇਹ ਪੱਤਰ ਜਾਰੀ ਕੀਤਾ ਗਿਆ ਹੈ।

ਹਾਲਾਂਕਿ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਰਵਿੰਦਰ ਸੋਨੀ ਨੇ ਬਿਆਨ ਜਾਰੀ ਕਰਕੇ ਇਸ ਮਾਮਲੇ ਲਈ ਜਨਤਕ ਤੌਰ ‘ਤੇ ਮੁਆਫੀ ਮੰਗੀ ਸੀ। ਉਸ ਦਾ ਕਹਿਣਾ ਹੈ ਕਿ ਬੰਦ ਦੌਰਾਨ ਉਕਤ ਵਿਵਾਦਤ ਬਿਆਨ ਗਲਤੀ ਨਾਲ ਉਸ ਦੇ ਪਾਸਿਓਂ ਨਿਕਲ ਗਿਆ ਸੀ। ਉਨ੍ਹਾਂ ਨੂੰ ਖੁਦ ਸ੍ਰੀ ਦਰਬਾਰ ਸਾਹਿਬ ‘ਤੇ ਪੂਰਾ ਭਰੋਸਾ ਹੈ। ਉਹ ਗਲਤੀ ਨਾਲ ਦਿੱਤੇ ਗਏ ਆਪਣੇ ਬਿਆਨ ਲਈ ਸਾਰਿਆਂ ਤੋਂ ਮੁਆਫੀ ਮੰਗਦਾ ਹੈ।

ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਲਵਪ੍ਰੀਤ ਸਿੰਘ ਤੂਫਾਨ ਅਤੇ ਮਨਦੀਪ ਸਿੰਘ ਨੇ ਦੱਸਿਆ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦੌਰਾਨ ਸ਼ਿਵ ਸੈਨਾ ਆਗੂ ਸੋਨੀ ਵੱਲੋਂ ਵਿਵਾਦਤ ਬਿਆਨ ਦਿੱਤਾ ਗਿਆ ਹੈ। ਇਸ ਕਾਰਨ ਸਿੱਖ ਕੌਮ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਅੱਜ ਐਸਐਸਪੀ ਦਫ਼ਤਰ ਗੁਰਦਾਸਪੁਰ ਦੇ ਬਾਹਰ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਹਿੰਦੂ ਸੰਗਠਨ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੁਝ ਦਿਨ ਪਹਿਲਾਂ ਬਿਆਨ ਦਿੱਤਾ ਹੈ ਕਿ ਜੇਕਰ ਕੋਈ ਕਿਸੇ ਵੀ ਧਰਮ ਵਿਰੁੱਧ ਗਲਤ ਬਿਆਨਬਾਜ਼ੀ ਕਰੇਗਾ ਤਾਂ ਉਸ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੋਨੀ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਵੇਲੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਧਰਨੇ ’ਤੇ ਬੈਠੇ ਹਨ।

Written By
The Punjab Wire