ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ – ਮੇਗਵਾਲ
ਗੁਰਦਾਸਪੁਰ, 17 ਨਵੰਬਰ ( ਮੰਨਣ ਸੈਣੀ)। ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅੱਜ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾ।
ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਗੁਰਦਾਸਪੁਰ ਮੁਹੰਮਦ ਇਸ਼ਫ਼ਾਕ, ਏ.ਡੀ.ਸੀ (ਡੀ) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਜੀ.ਏ. ਡਾ. ਵਰੁਨ ਕੁਮਾਰ ਸਮੇਤ ਵੱਖ-ਵੱਖ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀ ਹਰ ਨੀਤੀ ਨੂੰ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਬਿਨ੍ਹਾਂ ਕਿਸੇ ਭੇਦਭਾਵ ਦੇ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਬਿਨਾਂ ਘਰ ਦੇ ਰਹਿ ਰਹੇ ਹਨ , ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਘਰ ਬਣਾ ਕੇ ਦਿੱਤੇ ਜਾਣ । ਇਸ ਦੇ ਨਾਲ ਹੀ ਸਰਕਾਰ ਦੀਆਂ ਯੋਜਨਾਵਾਂ ਦੀ ਜਨ ਸਧਾਰਨ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹੇ ਵਿੱਚ ਥਾਂ-ਥਾਂ ਵਿਸ਼ੇਸ਼ ਕੈਂਪ ਲਗਾਏ ਜਾਣ।
ਕੇਂਦਰੀ ਰਾਜ ਮੰਤਰੀ ਸ੍ਰੀ ਮੇਗਵਾਲ ਨੇ ਕਿਹਾ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਤਹਿਤ ਜੋ ਵੀ ਵਿਕਾਸ ਕਾਰਜ ਮੁਕੰਮਲ ਹੋਏ ਹਨ ਓਥੇ ਉਸ ਯੋਜਨਾ ਦੇ ਨਾਮ ਦਾ ਬੋਰਡ ਲਗਾਇਆ ਜਾਵੇ। ਉਨਾਂ ਕਿਹਾ ਕਿ ਕੇਂਦਰ ਸਰਕਾਰ ਅਵਾਮ ਦੀ ਭਲਾਈ ਲਈ ਵਚਨਬੱਧ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਪ੍ਰਗਤੀ ਰਿਪੋਰਟ ਬਾਰੇ ਮੰਤਰੀ ਸਾਹਿਬ ਨੂੰ ਜਾਣੂ ਕਰਵਾਇਆ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ, ਸੌਰਭ ਮਹਾਜਨ, ਸਤਪਾਲ ਕੁੰਡਲ਼ ਸਮੇਤ ਹੋਰ ਆਗੂ ਵੀ ਮੌਜੂਦ ਸਨ