ਮੱਛੀ ਪਾਲਣ ਦਾ ਸਹਾਇਕ ਕਿੱਤਾ ਕਿਸਾਨਾਂ ਦੀ ਆਮਦਨ ਵਿੱਚ ਕਰ ਸਕਦਾ ਹੈ ਰਿਕਾਰਡ ਵਾਧਾ : ਚੇਅਰਮੈਨ ਰਮਨ ਬਹਿਲ

ਮੱਛੀ ਪਾਲਣ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫ਼ੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ

ਗੁਰਦਾਸਪੁਰ, 21 ਨਵੰਬਰ ( ਮੰਨਣ ਸੈਣੀ) । ਮੱਛੀ ਪਾਲਣ ਦਾ ਕਿੱਤਾ ਸੂਬੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦਾ ਹੈ ਅਤੇ ਕਿਸਾਨ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਿੱਚ ਰਿਕਾਰਡ ਵਾਧਾ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ ਕਿਸਾਨਾਂ ਨੂੰ 40 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

ਇਹ ਪ੍ਰਗਟਾਵਾ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਕਿੱਤੇ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਨਿਰੰਤਰ ਪ੍ਰਗਤੀ ਕਰ ਰਿਹਾ ਹੈ ਅਤੇ ਸੂਬੇ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਦਾ ਕੁੱਲ 43,691 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ ਜਿਸ ਤੋਂ 1,89,647 ਟਨ ਮੱਛੀ ਦਾ ਉਤਪਾਦਨ ਹੋ ਰਿਹਾ ਹੈ।

ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿੱਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ। ਉਨਾਂ ਦੱਸਿਆ ਕਿ ਇਸ ਸਮੇਂ ਕੁੱਲ 1200 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ।

ਉਨ੍ਹਾਂ ਦੱਸਿਆ ਕਿ ਮੱਛੀ ਪਾਲਕਾਂ ਨੂੰ ਵਧੀਆ ਮੱਛੀ ਪੂੰਗ ਮੁਹੱਈਆ ਕਰਵਾਉਣ ਲਈ ਪੰਜਾਬ ਵਿੱਚ 15 ਸਰਕਾਰੀ ਮੱਛੀ ਪੂੰਗ ਫ਼ਾਰਮ ਕਾਰਜਸ਼ੀਲ ਹਨ, ਜਿਸ ਵਿੱਚ ਗੁਰਦਾਸਪੁਰ ਦੇ ਹਿਆਤ ਨਗਰ ਦਾ ਪੂੂੰਗ ਫਾਰਮ ਵੀ ਪ੍ਰਮੁੱਖ ਹੈ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਮੱਛੀ/ਝੀਂਗਾ ਪਾਲਣ ਲਈ ਨਵੇਂ ਤਲਾਬ ਤਿਆਰ ਕਰਨਾ, ਆਰ.ਏ.ਐਸ. ਅਤੇ ਬਾਇਉਫ਼ਲੋਕ ਸਿਸਟਮ ਦੀ ਸਥਾਪਨਾ, ਮੱਛੀ ਫ਼ੀਡ ਮਿੱਲਾਂ ਦੀ ਸਥਾਪਨਾ ਅਤੇ ਮੱਛੀ ਟਰਾਂਸਪੋਰਟ ਵਾਹਨਾਂ ਦੀ ਖ਼ਰੀਦ ਆਦਿ ਲਈ ਪ੍ਰਾਜੈਕਟ ਦੀ ਕੁੱਲ ਲਾਗਤ ’ਤੇ 40 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ-ਆਪਣੇ ਜ਼ਿਲਿਆਂ ਦੇ ਸਬੰਧਤ ਦਫ਼ਤਰਾਂ ਵਿੱਚ ਤੁਰੰਤ ਅਰਜ਼ੀਆਂ ਦੇਣ।

Exit mobile version