ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ
ਗੁਰਦਾਸਪੁਰ, 21 ਜਨਵਰੀ ( ਮੰਨਣ ਸੈਣੀ)। ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਬਕਾਇਦਾ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।
ਰਾਜ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕਰਨ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਸ੍ਰੀ ਬਹਿਲ ਨੇ ਕਿਹਾ ਕਿ ਸ਼ਰਧਾਲੂਆਂ ਦੀ ਚਿਰਾਂ ਤੋਂ ਇਹ ਮੰਗ ਸੀ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਜਾਵੇ ਅਤੇ ਇਸ ਸਬੰਧੀ ਸ਼ਰਧਾਲੂਆਂ ਦੇ ਇੱਕ ਵਫਦ ਨੇ ਉਨ੍ਹਾਂ ਤੱਕ ਵੀ ਪਹੁੰਚ ਕੀਤੀ ਸੀ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਸੰਗਤ ਦੀ ਇਸ ਮੰਗ ਦੀ ਪੂਰਤੀ ਲਈ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੰਗਤਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਸੀ। ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਸੰਗਤਾਂ ਦੀ ਮੰਗ ਨਾਲ ਸਹਿਮਤ ਹੁੰਦਿਆਂ ਮੁੱਖ ਸਕੱਤਰ, ਪੰਜਾਬ ਸਰਕਾਰ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ, ਜਿਸ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ 23 ਜਨਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ ਹੋਣ ਤੋਂ ਬਾਅਦ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਸਮੂਹ ਪੈਰੋਕਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਵੱਲੋਂ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਸ੍ਰੀ ਬਹਿਲ ਨੇ ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਵੀ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਸੰਗਤ ਦੀ ਇਸ ਮੰਗ ਦਾ ਬਹੁਤ ਵਧੀਆ ਢੰਗ ਨਾਲ ਕੇਸ ਬਣਾ ਕੇ ਪੰਜਾਬ ਸਰਕਾਰ ਕੋਲ ਭੇਜਿਆ ਸੀ। ਉਨ੍ਹਾਂ ਕਿਹਾ ਕਿ 23 ਜਨਵਰੀ ਨੂੰ ਛੁੱਟੀ ਹੋਣ ਕਾਰਨ ਹੁਣ ਸਾਰੇ ਸ਼ਰਧਾਲੂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਤੇ ਧੁਮ-ਧਾਮ ਨਾਲ ਮਨਾ ਸਕਣਗੇ।