ਪੰਜਾਬ ਰਾਜਨੀਤੀ

ਸੁਖਬੀਰ ਸਿੰਘ ਬਾਦਲ ਨੇ ਜ਼ਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਕੀਤੀ ਨਿਖੇਧੀ

ਸੁਖਬੀਰ ਸਿੰਘ ਬਾਦਲ ਨੇ ਜ਼ਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਕੀਤੀ ਨਿਖੇਧੀ
  • PublishedJanuary 21, 2023

ਕਿਹਾ ਕਿ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀਹੈ  ਜਦੋਂ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਜੇਲ੍ਹਾਂ ਵਿਚ ਰੁੱਲ ਰਹੇ ਬੰਦੀ ਸਿੰਘਾਂ ਨੂੰ ਨਿਆਂ ਨਹੀਂ ਦਿੱਤਾ ਜਾ ਰਿਹਾ

ਅੰਮ੍ਰਿਤਸਰ, 21 ਜਨਵਰੀ (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਦੇਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦੋਂ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਵਲੁੰਧਰੇ ਸਿੱਖ ਹਿਰਦਿਆਂ ’ਤੇ ਮੱਲ੍ਹਮ ਲਗਾਈ ਜਾਵੇ। ਉਹਨਾਂ ਕਿਹਾ ਕਿ ਅਜਿਹਾ ਕਰਨ ਦੀ ਥਾਂ ਸਰਕਾਰਾਂ ਜ਼ਬਰ ਜਨਾਹ ਅਤੇ ਕਤਲ ਦੇ ਦੋਸ਼ੀਆਂ ਨੂੰ ਖੁਸ਼ ਕਰਨ ਵਾਸਤੇ ਪੂਰਾ ਜ਼ੋਰ ਲਗਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਨਾਲ ਸਮੇਂ ਦੀਆਂ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਬੇਨਕਾਬ ਹੋ ਗਈ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਪਾਜਪਾ ਦੇ ਐਸ ਸੀ ਵਿੰਗ ਦੇ ਮੀਤ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਨੂੰ ਉਹਨਾਂ ਦੇ ਹਜ਼ਾਰਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ। ਉਹਨਾਂ ਕਿਹਾ ਕਿ ਰਿੰਕੂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਮਾਝਾ ਇਲਾਕੇ ਵਿਚ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ ਅਤੇ ਉਹਨਾਂ ਨੂੰ ਪਾਰਟੀ ਵਿਚ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਇਕ ਸਵਾਲ ਦੇ ਜਵਾਬ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਤੁਕੀ ਬਿਆਨਬਾਜ਼ੀ ਕਰਨ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਏ ਮੈਰੀਟੋਰੀਅਸ ਸਕੂਲ ਚਲਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਸਦੀ ਸ਼ਲਾਘਾ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਕੀਤੀ ਸੀ। ਉਹਨਾਂ ਕਿਹਾ ਕਿ ਕੋਈ ਆਸ ਨਹੀਂ ਰੱਖ ਸਕਦਾ ਕਿ ਆਪ ਸਰਕਾਰ ਮੈਰੀਟੋਰੀਅਸ ਸਕੂਲ ਖੋਲ੍ਹੇਗੀ। ਉਹਨਾਂ ਕਿਹਾ ਕਿ ਇਹ ਸਿਰਫ ਸਸਤੀ ਸ਼ੋਹਰਤ ਵਿਚ ਵਿਸ਼ਵਾਸ ਰੱਖਦੀ ਹੈ। ਇਸਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਬਣਾਏ ਸੇਵਾ ਕੇਂਦਰਾਂ ਨੁੰ ਮੁਹੱਲਾ ਕਲੀਨਿਕਾਂ ਵਿਚ ਬਦਲ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਪਰ ਇਸ ਕਦਮ ਦਾ ਵੀ ਲੋਕਾਂ ਨੂੰ ਕੋਈ ਫਾਇਦਾ ਨਹੀਂ ਹੋਇਆ ਕਿਉਂਕਿ ਇਹਨਾਂ ਕਲੀਨਿਕਾਂ ਵਿਚ ਡਾਕਟਰ ਤੇ ਦਵਾਈਆਂ ਹੀ ਨਹੀਂ ਹਨ।

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਆਖਣ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਨੁੰ ਬਣਾਉਣ ਵਿਚ ਪਾਏ ਯੋਗਦਾਨ ਲਈ ਉਹਨਾਂ ਦੀ ਦੁਨੀਆਂ ਭਰ ਵਿਚ ਸਿਫਤ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਉਹ ਹੈਰਾਨ ਹਨ ਕਿ ਰਾਹੁਲ ਗਾਂਧੀ, ਜੋ ਮੌਕੇ ’ਤੇ ਮੌਜੂਦ ਸਨ, ਨੇ ਇਸ ’ਤੇ ਇਤਰਾਜ਼ ਨਹੀਂ ਕੀਤਾ ਤੇ ਬਾਜਵਾ ਨੂੰ ਆਪਣਾ ਬਿਆਨ ਵਾਪਸ ਲੈਣ ਵਾਸਤੇ ਨਹੀਂ ਆਖਿਆ। ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈਕਿ  ਕਾਂਗਰਸ ਪਾਰਟੀ ਨੇ ਬਾਜਵਾ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਪਤਾ ਚਲਦਾ ਹੈ ਕਿ ਪਾਰਟੀ ਡਾ. ਮਨਮੋਹਨ ਸਿੰਘ ਦੀ ਵਿਰਾਸਤ ਨੁੰ ਤਬਾਹ ਕਰਨ ਲਈ ਰਲਗੱਢ ਹੈ।

ਇਸ ਮੌਕੇ ਸੀਨੀਅਰ ਆਗੂ ਅਨਿਲ ਜੋਸ਼ੀ, ਗੁਲਜ਼ਾਰ ਸਿੰਘ ਰਣੀਕੇ ਤੇ ਗੁਰਪ੍ਰਤਾਪ ਸਿੰਘ ਟਿੱਕਾ ਵੀ ਹਾਜ਼ਰ ਸਨ। ਬਾਅਦ ਵਿਚ ਸਰਦਾਰ ਬਾਦਲ ਸਾਬਕਾ ਵਿਧਾਇਕ ਸਰਦਾਰ ਮਲਕੀਤ ਸਿੰਘ ਏ ਆਰ ਦੀ ਰਿਹਾਇਸ਼ ’ਤੇ ਵੀ ਗਏ ਜਿਥੇ ਉਹਨਾਂ ਸਾਬਕਾ ਵਿਧਾਇਕ ਪਰਿਵਾਰ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। 

Written By
The Punjab Wire