ਗੁਰਦਾਸਪੁਰ ਪੰਜਾਬ

ਏ.ਡੀ.ਸੀ. ਡਾ. ਨਿਧੀ ਕੁਮੁਦ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਏ.ਡੀ.ਸੀ. ਡਾ. ਨਿਧੀ ਕੁਮੁਦ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ
  • PublishedJanuary 23, 2023

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ

ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ

ਗੁਰਦਾਸਪੁਰ, 23 ਜਨਵਰੀ ( ਮੰਨਣ ਸੈਣੀ) – ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਨਿਭਾਈ ਗਈ। ਮੁੱਖ ਮਹਿਮਾਨ ਵੱਲੋਂ ਪਰੇਡ ਦਾ ਮੁਆਇਨਾ ਕਰਨ ਤੋਂ ਬਾਅਦ ਪਰੇਡ ਕਮਾਂਡਰ ਡੀ.ਐੱਸ.ਪੀ. ਕਲਾਨੌਰ ਸ. ਗੁਰਵਿੰਦਰ ਸਿੰਘ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ।  

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਨੇ ਕਿਹਾ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਸੂਬੇ ਦੇ ਊਰਜਾ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਵਿਭਾਗ ਦਾ ਅਧਿਕਾਰੀ ਆਪਣੇ ਜਿੰਮੇ ਆਈ ਡਿਊਟੀ ਨੂੰ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਵੇ। ਉਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਨੂੰ ਦਰਸਾਇਆ ਜਾਵੇ ਅਤੇ ਇਸ ਸਬੰਧੀ ਤਿਆਰੀ ਵੀ ਮੁਕੰਮਲ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਉਨ੍ਹਾਂ ਦੱਸਿਆ ਕਿ 24 ਜਨਵਰੀ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਹੇਠ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਵੇਗੀ।

ਅੱਜ ਦੀ ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਐਕਸੀਅਨ ਬਲਦੇਵ ਸਿੰਘ ਰੰਧਾਵਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਢਿਲੋਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸ਼ਾਮ ਸਿੰਘ, ਡੀ.ਐੱਫ.ਐੱਸ.ਸੀ. ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਅਮਰਜੀਤ ਸਿੰਘ ਭਾਟੀਆ, ਡੀ.ਪੀ.ਓ. ਮੈਡਮ ਸੁਮਨਦੀਪ ਕੌਰ, ਡਾ. ਭਾਰਤ ਭੂਸ਼ਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire