ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ

ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

ਗੁਰਦਾਸਪੁਰ, 24 ਜਨਵਰੀ ( ਮੰਨਣ ਸੈਣੀ) । 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਡੀ.ਐੱਸ.ਪੀ. ਉਲੰਪੀਅਨ ਸ. ਗੁਰਵਿੰਦਰ ਸਿੰਘ ਚੰਦੀ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਮੌਕੇ ਬੀ.ਐੱਸ.ਐੱਫ ਦੇ ਜਵਾਨਾਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਊਰਜਾ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।

ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਮਾਗਮ ਦੀ ਸਫਲਤਾ ਲਈ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਡਾ. ਵਰੁਣ ਕੁਮਾਰ, ਐੱਸ.ਪੀ. ਪ੍ਰਿਥੀਪਾਲ ਸਿੰਘ, ਡੀ.ਡੀ.ਪੀ.ਓ. ਸਤੀਸ਼ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਅਮਰਜੀਤ ਸਿੰਘ ਭਾਟੀਆ, ਸਿਵਲ ਸਰਜਨ ਡਾ. ਕੁਲਵਿੰਦਰ ਕੌਰ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਸੈਕਟਰੀ ਰੈੱਡ ਕਰਾਸ ਸ੍ਰੀ ਰਾਜੀਵ ਸਿੰਘ, ਸ. ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ, ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਹਰਮਨਪ੍ਰੀਤ ਸਿੰਘ ਏ.ਈ.ਓ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Exit mobile version