ਸਬ ਸਟੇਸ਼ਨ ਸਰਨਾ ਤਾਇਨਾਤ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ 

ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਦੇ ਬਦਲੇ ਕੀਤੀ ਸੀ ਦੋ ਹਜ਼ਾਰ ਦੀ ਰਿਸ਼ਵਤ ਦੀ ਮੰਗ

ਸਰਨਾ (ਪਠਾਨਕੋਟ), 24 ਜਨਵਰੀ (ਦੀ ਪੰਜਾਬ ਵਾਇਰ): ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ.  ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਜੇ.ਈ. ਉਸ ਦੇ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।  

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।  

 ਉਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Print Friendly, PDF & Email
www.thepunjabwire.com Contact for news and advt :-9814147333