ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਗੁਰਦਾਸਪੁਰ ਵਿਖੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਲਹਿਰਾਉਣਗੇ ਕੌਮੀ ਝੰਡਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ
ਗੁਰਦਾਸਪੁਰ, 25 ਜਨਵਰੀ (ਮੰਨਣ ਸੈਣੀ)। ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਗਣਤੰਤਰ ਦਿਵਸ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮਹਿਮਾਨ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਜਾਵੇਗਾ। ਮੁੱਖ ਮਹਿਮਾਨ ਜੀ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਗੁਰਦਾਸਪੁਰ ਵਾਸੀਆਂ ਨੂੰ ਆਪਣਾ ਸੰਦੇਸ਼ ਦੇਣਗੇ। ਇਸ ਉਪਰੰਤ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਦੀ ਬੈਂਡ ਟੀਮ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਕੱਢੀ ਜਾਣ ਵਾਲੀ ਵਿਸ਼ੇਸ਼ ਝਾਕੀ ਦੌਰਾਨ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਪਰੰਤ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਮਾਸ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਨਾਲ ਲਬਰੇਜ਼ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ, ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈ ਕੇ ਇਸ ਕੌਮੀ ਤਿਉਹਾਰ ਦੀਆਂ ਰੌਣਕਾਂ ਨੂੰ ਵਧਾਉਣ।