ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ
ਮਾਨ ਸਰਕਾਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ – ਕੈਬਨਿਟ ਮੰਤਰੀ ਸ. ਹਰਭਜਨ ਸਿੰਘ
27 ਜਨਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ
ਗੁਰਦਾਸਪੁਰ, 26 ਜਨਵਰੀ ( ਮੰਨਣ ਸੈਣੀ) – ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ 74ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਮਾਣਯੋਗ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਦੇਸ਼ ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖਾਸ ਤੌਰ ’ਤੇ ਪੰਜਾਬੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਵੱਡਮੁੱਲੇ ਯੋਗਦਾਨ ਨੂੰ ਸਿਜ਼ਦਾ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਸੂਬਾ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤੋਂ ਇਲਾਵਾ ਆਰਥਿਕ ਪੱਖੋਂ ਮਜ਼ਬੂਤੀ ਦੀ ਦਿਸ਼ਾ ਵੱਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 100 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ ਅਤੇ ਭਲਕੇ 27 ਜਨਵਰੀ ਨੂੰ ਰਾਜ ਅੰਦਰ 500 ਹੋਰ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ 33 ਆਮ ਆਦਮੀ ਕਲੀਨਿਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸ਼ੁਰੂ ਹੋਣਗੇ।
ਕੈਬਨਿਟ ਮੰਤਰੀ ਸ. ਹਰਭਜਨ ਸੰਘ ਨੇ ਕਿਹਾ ਕਿ ਪੰਜਾਬ ਦੇ ਰੌਸ਼ਨ ਭਵਿੱਖ ਲਈ ਅਸੀਂ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਾਂ, ਜਿਸ ਤਹਿਤ ਰਾਜ ਸਰਕਾਰ ਵੱਲੋਂ ਸੂਬੇ ਅੰਦਰ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਉਚੇਰੀ ਸਿੱਖਿਆ ਸੰਸਥਾਵਾਂ ਵਿਚ 58 ਕਰੋੜ ਦੀ ਲਾਗਤ ਨਾਲ ਇੰਟਰਨੈਟ ਅਤੇ ਵਾਈ ਫਾਈ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਜ਼ਿਲ੍ਹਾ ਲਾਇਬ੍ਰੇਰੀਆਂ ਵਿਚ 30 ਕਰੋੜ ਦੇ ਬਜਟ ਨਾਲ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਵੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਹੁਣ ਤੱਕ ਸੂਬੇ ਦੇ ਕਰੀਬ 26 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਲਗਭਗ 9 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਲਾਕ ਤੋਂ ਸੂਬਾ ਪੱਧਰ ਤੱਕ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ-2022 ’ਚ ਕਰੀਬ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਮੁਹੱਈਆ ਕਰਵਾਈ ਗਈ।
ਕੈਬਨਿਟ ਮੰਤਰੀ ਸ. ਹਰਭਜਨ ਸੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 335 ਕਿਲੋਮੀਟਰ ਪੇਂਡੂ ਸੜਕਾਂ ਨੂੰ 221 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ 1047 ਕਰੋੜ ਰੁਪਏ ਦੀ ਲਾਗਤ ਨਾਲ 1464 ਕਿਲੋਮੀਟਰ ’ਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਨਿੱਜੀ ਆਧਾਰ ’ਤੇ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ 1 ਲੱਖ 10 ਹਜ਼ਾਰ ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਆ ਕਰਵਾ ਕੇ ਪੰਜਾਬ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ 51 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ 40 ਕਰੋੜ ਰੁਪਏ ਦੀ ਲਾਗਤ ਦੇ 1894 ਕਮਿਊਨਿਟੀ ਸੈਨੇਟਰੀ ਕੰਪਲੈਕਸ ਦੇ ਕੰਮ ਸ਼ੁਰੂ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਜ਼ੀਰੋ ਬਿਜਲੀ ਬਿੱਲ ਦੇ ਵਾਅਦੇ ਨੂੰ ਪੂਰਾ ਕਰਦਿਆਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ ਅਤੇ ਹੁਣ ਸੂਬੇ ਦੇ 90 ਫ਼ੀਸਦੀ ਤੋਂ ਵੱਧ ਜ਼ੀਰੋ ਬਿਲ ਆ ਰਹੇ ਹਨ।
ਉਨ੍ਹਾਂ ਕਿਹਾ ਪਾਵਰਕਾਮ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਲਈ ਵਚਨਬੱਧ ਹੈ। ਪਾਵਰਕਾਮ ਵੱਲੋਂ ਰੀਵੈਂਪਡ ਡਿਸਟਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਤਹਿਤ ਜ਼ਿਲ੍ਹਾ ਗੁਰਦਾਸਪੁਰ ਲਈ 113 ਕਰੋੜ ਰੁਪਏ ਦੀ ਡਿਟੇਲਡ ਪ੍ਰੋਜੈਕਟ ਰੀਪੋਰਟ ਮਨਜ਼ੂਰ ਕੀਤੀ ਗਈ ਹੈ। ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ ਨਵੇਂ ਬਿਜਲੀ ਫੀਡਰਾਂ ਦੀ ਉਸਾਰੀ ਕੀਤੀ ਜਾਵੇਗੀ, ਨਵੇਂ ਬਿਜਲੀ ਟਰਾਂਸਫਾਰਮ ਲਗਾਏ ਜਾਣਗੇ ਅਤੇ ਪੁਰਾਣੇ ਟਰਾਸ਼ਫਾਰਮ ਦੀ ਕਪੈਸਟੀ ਵਧਾਈ ਜਾਵੇਗੀ। ਇਸ ਸਕੀਮ ਤਹਿਤ ਕੰਮ ਹੋਣ ਨਾਲ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ।
ਇਸ ਤੋਂ ਬਾਅਦ ਪਰੇਡ ਕਮਾਂਡਰ ਡੀ.ਐਸ.ਪੀ. ਸ. ਗੁਰਵਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਪੰਜਾਬ ਪੁਲਿਸ ਦੇ ਬੈਂਡ ਦੀਆਂ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ।
ਇਸ ਤੋਂ ਬਾਅਦ ਬੀ.ਐੱਸ.ਐੱਫ ਵੱਲੋਂ ਵਿਸ਼ੇਸ਼ ਝਾਕੀ ਰਾਹੀਂ ਸਰਹੱਦਾਂ ’ਤੇ ਦੇਸ਼ ਦੀ ਸੁਰੱਖਿਆ ਲਈ ਵਰਤੇ ਜਾ ਰਹੇ ਅਤਿ-ਆਧੁਨਿਕ ਹਥਿਆਰ ਪ੍ਰਦਰਸ਼ਿਤ ਕੀਤੇ ਗਏ। ਬੀ.ਐੱਸ.ਐੱਫ ਦੇ ਜਵਾਨਾਂ ਨੂੰ ਇਸ ਝਾਕੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਉਪਰੰਤ ਪਾਵਰਕਾਮ, ਪੰਚਾਇਤ ਵਿਭਾਗ, ਰੋਜ਼ਗਾਰ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ. ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਮਿਲਕਫੈਡ, ਮੱਛੀ ਪਾਲਣ, ਪੁਲਿਸ ਵਿਭਾਗ ਅਤੇ ਵਿਰਸਾ ਗੁਰਦਾਸਪੁਰ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਬਾਖੂਬੀ ਦਰਸਾਇਆ ਗਿਆ। ਮੱਛੀ ਪਾਲਣ ਵਿਭਾਗ ਦੀ ਝਾਕੀ ਨੂੰ ਬੈਸਟ ਝਾਕੀ ਐਲਾਨਿਆ ਗਿਆ। ਉਪਰੰਤ ਵੱਖ-ਵੱਖ ਸਿੱਖਿਆ ਸੰਸਥਾਵਾਂ ਵੱਲੋਂ ਸ਼ਬਦ ਗਾਇਨ, ਮਾਸ ਪੀ.ਟੀ. ਸ਼ੋਅ, ਦੇਸ਼ ਭਗਤੀ ਨਾਲ ਲਬਰੇਜ਼ ਸੱਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ। ਸੱਭਿਾਚਾਰਕ ਪ੍ਰੋਗਰਾਮ ਵਿੱਚ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਹਯਾਤਨਗਰ ਨੂੰ, ਦੂਸਰਾ ਸਥਾਨ ਸੇਂਟ ਕਬੀਰ ਸੀਨੀਅਰ ਸਕੈਂਡਰੀ ਸਕੂਲ ਸੁਲਤਾਨਪੁਰ, ਗੁਰਦਾਸਪੁਰ ਅਤੇ ਤੀਸਰਾ ਸਥਾਨ ਸਰਕਾਰੀ ਸਕੂਲਾਂ ਦੀ ਗਿੱਧੇ ਦੀ ਟੀਮ ਨੇ ਹਾਸਲ ਕੀਤਾ।
ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਪਰੇਡ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਸ. ਗੁਰਵਿੰਦਰ ਸਿੰਘ ਸਮੇਤ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਵੱਲੋਂ ਸ਼ਹੀਦੀ ਗੈਲਰੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਪਰੰਤ ਵੀਰ ਨਾਰੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਇਕਲਾਂ ਦੀ ਵੰਡ ਕੀਤੀ ਗਈ। ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਕੌਮੀ ਗੀਤ ਨਾਲ ਹੋਈ। ਮੁੱਖ ਮਹਿਮਾਨ ਜੀ ਵੱਲੋਂ ਗਣਤੰਤਰ ਦਿਹਾੜੇ ਦੀ ਖੁਸ਼ੀ ਵਿਚ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ, ਤਹਿਸੀਲਦਾਰ ਜਗਤਾਰ ਸਿੰਘ, ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ।