ਚੰਡੀਗੜ੍ਹ, 27 ਜਨਵਰੀ (ਦੀ ਪੰਜਾਬ ਵਾਇਰ)। ਦੂਜੇ ਪੜਾਅ ਤਹਿਤ ਅੱਜ ਪੰਜਾਬ ਵਿੱਚ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚ ਰਹੇ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕੀਤਾ- ਲੋਕਾਂ ਦਾ ਪੈਸਾ, ਲੋਕਾਂ ਦੇ ਨਾਮ ! ਅੱਜ ਪੰਜਾਬ ਵਿੱਚ 400 ਹੋਰ ਆਮ ਆਦਮੀ ਕਲੀਨਿਕ ਖੁੱਲਣ ਜਾ ਰਹੇ ਹਨ… ਹੁਣ ਕੁੱਲ 500 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਣਗੇ.. ਜਿੱਥੇ ਲੋਕਾਂ ਨੂੰ ਮੁਫਤ ਅਤੇ ਵਧੀਆ ਇਲਾਜ਼ ਮਿਲੇਗਾ… ਅਸੀਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ।
ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਦਘਾਟਨੀ ਪ੍ਰੋਗਰਾਮ 27 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ। ਜਿਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਜਦੋਂ ਕਿ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ।
ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਸਰਕਾਰ ਬਣਨ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਦਸ ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਤਿੰਨ ਲੱਖ ਤੋਂ ਵੱਧ ਲੋਕਾਂ ਦਾ ਇਲਾਜ ਦੌਰਾਨ ਮੁਫ਼ਤ ਜਾਂਚ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ।
ਡਾ: ਬਲਬੀਰ ਨੇ ਕਿਹਾ ਕਿ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਆਮ ਲੋਕਾਂ ਨੂੰ ਸਿੱਖਿਆ ਅਤੇ ਦਵਾਈ ਦੇ ਤਨਾਅ ਤੋਂ ਮੁਕਤ ਕਰਵਾਉਣਾ ਹੈ | ਜਦੋਂ ਆਮ ਲੋਕਾਂ ਦੇ ਬੱਚੇ ਨੂੰ ਮੁਫਤ ਚੰਗੀ ਸਿੱਖਿਆ, ਮੁਫਤ ਇਲਾਜ, ਮੁਫਤ ਦਵਾਈਆਂ ਅਤੇ ਮੁਫਤ ਸਿਹਤ ਜਾਂਚ ਮਿਲੇਗੀ, ਤਾਂ ਉਨ੍ਹਾਂ ਦਾ ਬਹੁਤ ਸਾਰਾ ਪੈਸਾ ਬਚ ਜਾਵੇਗਾ। ਇਸ ਪੈਸੇ ਦੀ ਵਰਤੋਂ ਉਹ ਰੋਜ਼ਾਨਾ ਦੀਆਂ ਲੋੜਾਂ ਲਈ ਕਰਨਗੇ। ਇਸ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਸਮਾਜ ਸਹੀ ਅਰਥਾਂ ਵਿੱਚ ਤਰੱਕੀ ਕਰੇਗਾ।