ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Arrest

ਚੰਡੀਗੜ, 27 ਜਨਵਰੀ (ਦੀ ਪੰਜਾਬ ਵਾਇਰ) । ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ਫਗਵਾੜਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੂੰ ਸਿਵਰਾਜ ਰਾਣਾ ਵਾਸੀ ਸਤਨਾਮਪੁਰਾ, ਫਗਵਾੜਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਪਿਤਾ ਦੇ ਨਾਂ ‘ਤੇ ਜ਼ਮੀਨ ਦਾ ਦੀ ਰਜਿਸਟਰੇਸ਼ਨ ਤੇ ਇੰਤਕਾਲ ਦਰਜ ਕਰਨ ਬਦਲੇ 70,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਉਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਰਾਮਦ ਕਰ ਲਈ ਗਈ।

ਉਨਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Exit mobile version