ਪੰਜਾਬ ਮੁੱਖ ਖ਼ਬਰ

ਮਾਨ ਸਰਕਾਰ ਵੱਲੋਂ ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

ਮਾਨ ਸਰਕਾਰ ਵੱਲੋਂ ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ
  • PublishedJanuary 29, 2023

ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼

ਚੰਡੀਗੜ੍ਹ, 29 ਜਨਵਰੀ (ਦੀ ਪੰਜਾਬ ਵਾਇਰ)। ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2.03 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਵਿਛਾਉਣ ਅਤੇ ਐਨ.ਸੀ.ਸੀ. ਅਕੈਡਮੀ ਰੋਪੜ ਵਿਖੇ ਯੂ.ਪੀ.ਵੀ.ਸੀ. ਸੀਵਰੇਜ ਦੀਆਂ ਪਾਈਪਾਂ ਵਿਛਾਉਣ ਦਾ ਫੈਸਲਾ ਲਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਦੀਆਂ ਲਾਈਨਾਂ ਵਿਛਾਉਣ ‘ਤੇ ਤਕਰੀਬਨ 1.73 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਐਨ.ਸੀ.ਸੀ ਅਕੈਡਮੀ ਰੋਪੜ ਵਿਖੇ ਯੂ.ਪੀ.ਵੀ.ਸੀ. ਸੀਵਰੇਜ ਪਾਈਪਾਂ ਵਿਛਾਉਣ ‘ਤੇ ਤਕਰੀਬਨ 30 ਲੱਖ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਮੰਤਰੀ ਨੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਹਨ ਕਿ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਸਰਕਾਰ ਦੀਆਂ ਗਾਈਡਲਾਈਨਜ਼ ਦੀ ਇੰਨ-ਬਿੰਨ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ।
__

Written By
The Punjab Wire