ਗੁਰਦਾਸਪੁਰ

ਪਿੰਡ ਠੇਠਰਕੇ ਵਿਖੇ ਅੱਜ ਲੱਗੇਗਾ ਮਿਸ਼ਨ ‘ਅਬਾਦ’ ਤਹਿਤ ਵਿਸ਼ੇਸ਼ ਕੈਂਪ

ਪਿੰਡ ਠੇਠਰਕੇ ਵਿਖੇ ਅੱਜ ਲੱਗੇਗਾ ਮਿਸ਼ਨ ‘ਅਬਾਦ’ ਤਹਿਤ ਵਿਸ਼ੇਸ਼ ਕੈਂਪ
  • PublishedJanuary 30, 2023

ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ

ਠੇਠਰਕੇ ਅਤੇ ਨਜ਼ਦੀਕੀ ਸਰਹੱਦੀ ਪਿੰਡਾਂ ਦੇ ਵਸਨੀਕ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਜਨਵਰੀ (ਮੰਨਣ ਸੈਣੀ) । ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਰਹੱਦੀ ਖੇਤਰ ਦੇ ਵਿਕਾਸ ਲਈ ਚਲਾਏ ਜਾ ਰਹੇ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਤਹਿਤ ਬਲਾਕ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਠੇਠਰਕੇ ਦੇ ਸਰਕਾਰੀ ਸਕੂਲ ਵਿਖੇ ਮਿਤੀ 31 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਠੇਠਰਕੇ ਤੋਂ ਇਲਾਵਾ ਸਰਹੱਦੀ ਪਿੰਡ ਸਾਧਾਂਵਾਲੀ, ਪੱਖੋਕੇ, ਠੇਠਰਕੇ, ਪੁਰਾਣਾਵਾਲਾ, ਸ਼ਾਹਪੁਰ ਗੁਰਾਇਆ, ਖਾਸਾਂਵਾਲਾ ਅਤੇ ਕਾਹਲਾਂਵਾਲੀ ਦੇ ਵਸਨੀਕ ਵੀ ਭਾਗ ਲੈਣਗੇ। ਇਸ ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਵੱਲੋਂ ਉਨਾਂ ਦਾ ਹੱਲ ਕੱਢਿਆ ਜਾਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਠੇਠਰਕੇ ਵਿਖੇ ਮਿਸ਼ਨ ‘ਅਬਾਦ’ ਤਹਿਤ ਲੱਗਣ ਵਾਲੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਤੇ ਲਾਭ ਲੋਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣ ਕੇ ਉਨਾਂ ਦਾ ਹੱਲ ਕੀਤਾ ਜਾਵੇਗਾ। ਕੈਂਪ ਦੌਰਾਨ ਮਿਲਟਰੀ/ ਪੈਰਾ ਮਿਲਟਰੀ/ ਪੁਲਿਸ ਅਧਿਕਾਰੀਆਂ ਵੱਲੋਂ ਫ਼ੌਜ/ ਪੁਲਿਸ ਵਿੱਚ ਭਰਤੀ ਸਬੰਧੀ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਠੇਠਰਕੇ ਅਤੇ ਇਸਦੇ ਨਾਲ ਲੱਗਦੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਪਹੁੰਚ ਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ।

Written By
The Punjab Wire